ਨਵੀਂ ਦਿੱਲੀ, 4 ਮਾਰਚ
ਪੰਜਾਬ ਸਰਕਾਰ ਅਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸਰਕਾਰ ਨੂੰ ਉਨ੍ਹਾਂ ਨੂੰ ਪੰਜਾਬ ਦੀ ਰੂਪਨਗਰ ਜੇਲ੍ਹ ਤੋਂ ਬਾਂਦਾ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕਰਨ ਦਾ ਕੋਈ ਬੁਨਿਆਦੀ ਅਧਿਕਾਰ ਨਹੀਂ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਦਾ ਦਰ ਖੜਕਾ ਕੇ ਅੰਸਾਰੀ ਨੂੰ ਬਾਂਦਾ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਯੂਪੀ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਤੇ ਜੇਲ੍ਹ ਅਧਿਕਾਰੀਆਂ ਨੂੰ ਇਸ ਬਾਰੇ ਹੁਕਮ ਦੇਵੇ। ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਆਰਐੱਸ ਰੈੱਡੀ ਦੇ ਬੈਂਚ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਤੇ ਅੰਸਾਰੀ ਦੀ ਪਟੀਸ਼ਨ ’ਤੇ ਫ਼ੈਸਲਾ ਸੁਣਾਏਗਾ।