ਲਖਨਊ, 26 ਅਪਰੈਲ
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਆਪਣੇ ਮੰਤਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਤਿੰਨ ਮਹੀਨਿਆਂ ਦੇ ਅੰਦਰ ਆਪਣੀ ਮਾਲਕੀ ਵਾਲੀ ਸਾਰੀ ਸੰਪਤੀ ਬਾਰੇ ਜਾਣਕਾਰੀ ਦੇਣ। ਬਾਕੀ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਨੂੰ ਵੀ ਸੰਪਤੀ ਦੇ ਵੇਰਵੇ ਆਨਲਾਈਨ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਕੰਮ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ। ਕੈਬਨਿਟ ਮੀਟਿੰਗ ਮਗਰੋਂ ਇਕ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਧਿਕਾਰੀਆਂ ਨੂੰ ਵੀ ਆਪਣੀ ਤੇ ਆਪਣੇ ਪਰਿਵਾਰ ਦੀ ਮਾਲਕੀ ਵਾਲੀ ਸੰਪਤੀ ਦੇ ਵੇਰਵੇ ਜਨਤਕ ਕਰਨੇ ਚਾਹੀਦੇ ਹਨ। ਯੋਗੀ ਨੇ ਕਿਹਾ ਕਿ ਇਕ ਸਿਹਤਮੰਦ ਲੋਕਤੰਤਰ ਲਈ ਜਨਤਕ ਨੁਮਾਇੰਦਿਆਂ ਦਾ ਵਿਹਾਰ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਯੂਪੀ ਸਰਕਾਰ ਮਿਸਾਲ ਕਾਇਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ 100 ਦਿਨਾਂ, ਛੇ ਮਹੀਨਿਆਂ ਤੇ ਪੰਜ ਸਾਲਾਂ ਲਈ ਸਾਰੇ ਵਿਭਾਗਾਂ ਦੇ ਕੰਮਾਂ ਬਾਰੇ ਇਕ ਕਾਰਜ ਯੋਜਨਾ ਤਿਆਰ ਕਰ ਲਈ ਗਈ ਹੈ। ਇਸ ਨੂੰ ਹੁਣ ਜ਼ਮੀਨੀ ਪੱਧਰ ਉਤੇ ਲਾਗੂ ਕੀਤਾ ਜਾਵੇਗਾ। ਸਾਰੇ ਵਿਭਾਗ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। -ਪੀਟੀਆਈ