ਨਵੀਂ ਦਿੱਲੀ:ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਬੁੱਧਵਾਰ ਦੁਪਹਿਰ 4 ਵਜੇ ਤਕ ਲਈ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ’ਤੇ ਬਹਿਸ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੰਸਦ ਦੇ ਅੰਦਰ ਅਤੇ ਬਾਹਰ ਕਿਸਾਨੀ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਪਰ ਵਿਰੋਧੀ ਧਿਰ ਗੱਲਬਾਤ ਵਿੱਚ ਵਿਘਨ ਪਾ ਕੇ ਸੰਸਦ ਦਾ ਸਮਾਂ ਬਰਬਾਦ ਕਰ ਰਹੀ ਹੈ, ਜਦੋਂ ਕਿ ਪ੍ਰਸ਼ਨ ਕਾਲ ਦੌਰਾਨ ਉਹ ਕਿਸਾਨ ਭਲਾਈ ਬਾਰੇ ਵਿਚਾਰ-ਵਟਾਂਦਰਾ ਕਰ ਸਕਦੀ ਹੈ। ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਪ੍ਰਸ਼ਨ ਕਾਲ ਅਤੇ ਸਿਫਰ ਕਾਲ ਦੀ ਕਾਰਵਾਈ ਨਹੀਂ ਹੋ ਸਕੀ।
ਲੋਕ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਬਾਅਦ ਮੁੜ ਸ਼ਾਮ 7 ਵਜੇ ਸ਼ੁਰੂ ਹੋਈ ਤਾਂ ਪਹਿਲਾਂ ਵਾਂਗ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦਰਮਿਆਨ ਪੱਛਮੀ ਬੰਗਾਲ ਤੋਂ ਭਾਜਪਾ ਦੀ ਮੈੈਂਬਰ ਲਾਕੇਟ ਚੈਟਰਜੀ ਨੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਬਹਿਸ ਲਈ ਰੱਖਿਆ। ਚੈਟਰਜੀ ਆਪਣੀ ਗੱਲ ਕਹਿ ਰਹੇ ਸਨ ਪਰ ਵਿਰੋਧੀ ਧਿਰ ਰੈਲਾ ਪਾਉਂਦੀ ਰਹੀ। ਸਦਨ ਵਿੱਚ ਹੰਗਾਮੇ ਵਿਚਾਲੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਈ ਵਾਰ ਉਨ੍ਹਾਂ ਦੀਆਂ ਸੀਟਾਂ ’ਤੇ ਜਾਣ ਦੀ ਅਪੀਲ ਕੀਤੀ। ਇਸੇ ਦੌਰਾਨ, ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਰੱਖਿਆ ਜਾ ਰਿਹਾ ਹੈ। ਜਦੋਂ ਵੀ ਇਹ ਮਤਾ ਰੱਖਿਆ ਜਾਂਦਾ ਹੈ ਰੌਲਾ ਰੱਪਾ ਨਹੀਂ ਹੁੰਦਾ। ਉਨ੍ਹਾਂ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਜਾਣ ਤੇ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਪਰ ਸਦਨ ਵਿੱਚ ਹੰਗਾਮਾ ਜਾਰੀ ਰਹਿਣ ’ਤੇ ਅਖੀਰ ਸਪੀਕਰ ਨੇ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ। -ਏਜੰਸੀ