ਵਾਜਪਾਈ ਵਿਕਸਿਤ ਭਾਰਤ ਦੇ ਨਿਰਮਾਣ ਲਈ ਪ੍ਰੇਰਦੇ ਰਹਿਣਗੇ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੱਤਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਵਿਕਸਿਤ ਭਾਰਤ ਦੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਲਈ ਸਾਰਿਆਂ ਨੂੰ ਪ੍ਰੇਰਦੇ ਰਹਿਣਗੇ। ਮੋਦੀ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਾ ਹਾਂ। ਦੇਸ਼ ਦੇ ਸਰਵਪੱਖੀ ਵਿਕਾਸ ਪ੍ਰਤੀ ਉਨ੍ਹਾਂ ਦਾ ਸਮਰਪਣ ਤੇ ਸੇਵਾ ਭਾਵਨਾ ਵਿਕਸਿਤ ਭਾਰਤ ਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ’ਚ ਯੋਗਦਾਨ ਲਈ ਹਰ ਕਿਸੇ ਨੂੰ ਪ੍ਰੇਰਨ ਵਾਲੇ ਹਨ।’’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਦਰੋਪਦੀ ਮੁਰਮੂ, ਕੇਂਦਰੀ ਮੰਤਰੀ ਤੇ ਲੋਕ ਸਭਾ ਸਪੀਕਰ ਓਮ ਬਿਰਲਾ, ਭਾਜਪਾ ਪ੍ਰਧਾਨ ਜੇਪੀ ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰ ਆਗੂਆਂ ਨੇ ਵੀ ਇੱਥੇ ‘ਸਦੈਵ ਅਟਲ’ ਸਮਾਰਕ ’ਤੇ ਪਹੁੰਚ ਕੇ ਮਰਹੂਮ ਭਾਜਪਾ ਆਗੂ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਾਜਪਾਈ ਦਾ ਜੀਵਨ ਦੇਸ਼ ਸੇਵਾ ਨੂੰ ਸਮਰਪਿਤ ਸੀ। ਉਨ੍ਹਾਂ ਦੇ ਵਿਚਾਰ ਤੇ ਆਦਰਸ਼ ਭਾਰਤ ਦੇ ਵਿਕਾਸ ਦੇ ਸਫਰ ਲਈ ਰਾਹ ਦਿਖਾਉਂਦੇ ਰਹਿਣਗੇ। ਦੱਸਣਯੋਗ ਹੈ ਕਿ ਕਵੀ ਅਤੇ ਸਿਆਸਤਦਾਨ ਅਟਲ ਬਿਹਾਰੀ ਵਾਜਪਾਈ 1998 ਤੋਂ 2004 ਤੱਕ ਛੇ ਸਾਲਾਂ ਤੋਂ ਵੱਧ ਸਮੇਂ ਲਈ ਪ੍ਰਧਾਨ ਮੰਤਰੀ ਰਹੇ ਅਤੇ ਉਨ੍ਹਾਂ ਨੂੰ ਆਰਥਿਕ ਸੁਧਾਰਾਂ ਨੂੰ ਅੱਗੇ ਵਧਾਉਣ ਦਾ ਸਿਹਰਾ ਜਾਂਦਾ ਹੈ। ਵਾਜਪਾਈ ਦਾ ਜਨਮ 1924 ਵਿੱਚ ਹੋਇਆ ਸੀ। ਉਹ 1957 ਵਿੱਚ ਪਹਿਲੀ ਲੋਕ ਸਭਾ ਮੈਂਬਰ ਚੁਣੇ ਗਏ ਸਨ।