ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀਰਵਾਰ ਨੂੰ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 1980 ਦੇ ਵੇਲੇ ਦੀ ਛੋਟੀ ਜਿਹੀ ਵੀਡੀਉ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਤਤਕਾਲੀ ਇੰਦਰਾ ਗਾਂਧੀ ਸਰਕਾਰ ਨੂੰ ਕਿਸਾਨਾਂ ਦੇ ਦਮਨ ਖ਼ਿਲਾਫ਼ ਚਿਤਾਵਨੀ ਦਿੰਦਿਆਂ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਸੀ। ਭਾਜਪਾ ਸੰਸਦ ਮੈਂਬਰ, ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾ ਰਹੇ ਹਨ। ਵਾਜਪਾਈ ਦਾ ਭਾਸ਼ਣ ਸਾਂਝਾ ਕਰ ਕੇ ਉਨ੍ਹਾਂ ਕੇਂਦਰ ਸਰਕਾਰ ਤੱਕ ਉਨ੍ਹਾਂ ਦਾ ਸੁਨੇਹਾ ਪਹੁੰਚਾਉਣ ਦਾ ਯਤਨ ਕੀਤਾ ਹੈ। ਵੀਡੀਉ ਕਲਿੱਪ ਵਿੱਚ ਵਾਜਪਾਈ ਇਕੱਠ ਨੂੰ ਇਹ ਕਹਿੰਦੇ ਸੁਣੇ ਜਾ ਸਕਦੇ ਹਨ, ‘‘ ਕਿਸਾਨਾਂ ਨੂੰ ਡਰਾਇਆ ਨਹੀਂ ਜਾ ਸਕਦਾ। ਜੇ ਸਰਕਾਰ ਕਿਸਾਨਾਂ ਦਾ ਦਮਨ ਕਰੇਗੀ ਤਾਂ ਅਸੀਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਨਾਲ ਖੜ੍ਹਨ ਤੋਂ ਸ਼ਰਮ ਮਹਿਸੂਸ ਨਹੀਂ ਕਰਾਂਗੇ।’’ ਗਾਂਧੀ ਨੇ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਭਾਜਪਾ ਆਗੂਆਂ ਨਾਲ ਸਬੰਧਤ ਕਥਿਤ ਵਾਹਨਾਂ ਹੇਠ ਆਉਣ ਕਾਰਨ ਮਰੇ ਚਾਰ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਭਾਜਪਾ ਦੀ ਕੌਮੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ, ਜਿਸ ਤੋਂ ਪਾਰਟੀ ਦੇ ਉਨ੍ਹਾਂ ਤੋਂ ਨਾਰਾਜ਼ ਹੋਣ ਦਾ ਸੰਕੇਤ ਮਿਲਦਾ ਹੈ। -ਪੀਟੀਆਈ