ਕੋਲਕਾਤਾ, 30 ਦਸੰਬਰ
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ 24 ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਦੀਆਂ ਨਿਯੁਕਤੀਆਂ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਜਾਂ ਹੁਕਮਾਂ ਦੀ ਉਲੰਘਣਾ ਕਰ ਕੇ ਕੀਤੀਆਂ ਗਈਆਂ ਹਨ। ਸ੍ਰੀ ਧਨਖੜ ਸੂਬੇ ਵੱਲੋਂ ਚਲਾਈਆਂ ਜਾ ਰਹੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹਨ ਜਿਨ੍ਹਾਂ ਵਿੱਚ ਕਲਕੱਤਾ ਯੂਨੀਵਰਸਿਟੀ, ਜਾਦਵਪੁਰ ਯੂਨੀਵਰਸਿਟੀ ਤੇ ਪ੍ਰੈਸੀਡੈਂਸੀ ਯੂਨੀਵਰਸਿਟੀ ਸ਼ਾਮਲ ਹਨ। ਉਨ੍ਹਾਂ ਕਿਹਾ,‘24 ਯੂਨੀਵਰਸਿਟੀਆਂ ਦੇ ਵੀਸੀ ਕਾਨੂੰਨ ਦੀ ਉਲੰਘਣਾ ਕਰ ਕੇ ਲਾਏ ਗਏ ਹਨ। ਇਨ੍ਹਾਂ ਨਿਯੁਕਤੀਆਂ ਲਈ ਕੋਈ ਕਾਨੂੰਨੀ ਪ੍ਰਵਾਨਗੀ ਨਹੀਂ ਲਈ ਗਈ ਹੈ ਤੇ ਜੇਕਰ ਇਹ ਤੁਰੰਤ ਰੱਦ ਨਹੀਂ ਕੀਤੀਆਂ ਜਾਂਦੀਆਂ ਤਾਂ ਕੋਈ ਕਾਰਵਾਈ ਕਰਨੀ ਪਵੇਗੀ।’ ਇਹ ਚਿਤਾਵਨੀ ਰਾਜਪਾਲ ਵੱਲੋਂ ਇਸ ਮਹੀਨੇ ਬੁਲਾਈ ਗਈ ਇੱਕ ਮੀਟਿੰਗ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਚਾਂਸਲਰਾਂ ਤੇ ਵਾਈਸ ਚਾਂਸਲਰਾਂ ਵੱਲੋਂ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਮਗਰੋਂ ਦਿੱਤੀ ਗਈ ਹੈ। -ਪੀਟੀਆਈ