Vice Presidential election: ਐਨਡੀਏ ਨੇ ਉਪ ਰਾਸ਼ਟਰਪਤੀ ਉਮੀਦਵਾਰ ਦੀ ਚੋਣ ਦੇ ਅਖ਼ਤਿਆਰ ਮੋਦੀ ਤੇ ਨੱਢਾ ਨੂੰ ਸੌਂਪੇ
ਕੇਂਦਰੀ ਮੰਤਰੀ ਕਿਰਨ ਰਿਜੀਜੂ (Union minister Kiren Rijiju) ਨੇ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ (National Democratic Alliance - NDA) ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਹਾਕਮ ਗੱਠਜੋੜ ਦਾ ਉਪ-ਰਾਸ਼ਟਰਪਤੀ ਉਮੀਦਵਾਰ ਚੁਣਨ ਦਾ ਅਖ਼ਤਿਆਰ ਦੇ ਦਿੱਤਾ ਹੈ।
ਸੰਸਦੀ ਮਾਮਲਿਆਂ ਦੇ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਗੱਠਜੋੜ ਨੇ ਸਰਬਸੰਮਤੀ ਨਾਲ ਲਿਆ ਹੈ। ਸੰਸਦ ਕੰਪਲੈਕਸ ਵਿੱਚ ਭਾਜਪਾ ਦੇ ਮੁੱਖ ਨੇਤਾਵਾਂ ਅਤੇ ਐਨਡੀਏ ਵਿਚਲੇ ਉਨ੍ਹਾਂ ਦੇ ਭਾਈਵਾਲਾਂ ਦੀ ਇੱਕ ਮੀਟਿੰਗ ਹੋਈ ਜਿੱਥੇ ਇਹ ਫੈਸਲਾ ਲਿਆ ਗਿਆ।
ਮੀਟਿੰਗ ਵਿਚ ਨੱਢਾ ਤੋਂ ਇਲਾਵਾ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ, ਜੇਡੀ(ਯੂ) ਦੇ ਲੱਲਨ ਸਿੰਘ, ਸ਼ਿਵ ਸੈਨਾ ਦੇ ਸ੍ਰੀਕਾਂਤ ਸ਼ਿੰਦੇ, ਤੇਲਗੂ ਦੇਸ਼ਮ ਪਾਰਟੀ ਦੇ ਲਾਵੂ ਸ੍ਰੀ ਕ੍ਰਿਸ਼ਨਾ ਦੇਵਰਾਯਾਲੂ ਅਤੇ ਐਲਜੇਪੀ (ਰਾਮ ਵਿਲਾਸ) ਦੇ ਚਿਰਾਗ ਪਾਸਵਾਨ ਸ਼ਾਮਲ ਸਨ। ਮੀਟਿੰਗ ਦੀ ਪ੍ਰਧਾਨਗੀ ਰਾਜਨਾਥ ਸਿੰਘ ਨੇ ਕੀਤੀ।
ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਦੇਸ਼ ਦੇ ਉਪ ਰਾਸ਼ਟਰਪਤੀ, ਜੋ ਅਹੁਦੇ ਨਾਤੇ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਦਾ ਚੇਅਰਮੈਨ ਵੀ ਹੁੰਦਾ ਹੈ, ਦੀ ਚੋਣ ਲਈ ਐਲਾਨੇ ਪ੍ਰੋਗਰਾਮ ਮੁਤਾਬਕ ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀਆਂ 21 ਅਗਸਤ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਵੋਟਿੰਗ 9 ਸਤੰਬਰ ਨੂੰ ਹੋਵੇਗੀ ਅਤੇ ਗਿਣਤੀ ਵੀ ਉਸੇ ਦਿਨ ਕੀਤੀ ਜਾਵੇਗੀ।
ਗ਼ੌਰਤਲਬ ਹੈ ਕਿ ਇਹ ਚੋਣ ਜਗਦੀਪ ਧਨਖੜ ਵੱਲੋਂ ਸਿਹਤ ਕਾਰਨਾਂ ਦੇ ਹਵਾਲੇ ਨਾਲ 21 ਜੁਲਾਈ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤੇ ਜਾਣ ਕਾਰਨ ਹੋ ਰਹੀ ਹੈ। ਧਨਖੜ ਨੇ ਸੰਵਿਧਾਨ ਦੀ ਧਾਰਾ 67(ਏ) ਤਹਿਤ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤਾ ਸੀ। -with ANI inputs