ਉਪ ਰਾਸ਼ਟਰਪਤੀ ਚੋਣ: ਸਮਰਥਨ ਲਈ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਮਿਲਣ ਲਈ ਤਿਆਰ: ਰੈੱਡੀ
ਵਿਰੋਧੀ ਧਿਰ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬੀ ਸੁਦਰਸ਼ਨ ਰੈੱਡੀ ਨੇ ਅੱਜ ਰਾਜ ਸਭਾ ਅਤੇ ਲੋਕ ਸਭਾ ਦੇ ਸਾਰੇ ਮੈਂਬਰਾਂ ਤੋਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਯੋਗਤਾ ਦੇ ਆਧਾਰ ’ਤੇ ਆਪਣੇ ਲਈ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੇ ਸੀਨੀਅਰ ਆਗੂ ਇਜਾਜ਼ਤ ਦੇਣ ਤਾਂ ਉਹ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ। ਰੈੱਡੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਹ ਚਾਹੁੰਦੇ ਹਨ ਕਿ ਇਹ ਚੋਣ ਹਾਲ ਦੇ ਸਾਲਾਂ ਦੌਰਾਨ ਭਾਰਤ ਵਿੱਚ ਹੋਈਆਂ ਸਭ ਤੋਂ ਵਧੀਆ ਤੇ ਨਿਰਪੱਖ ਚੋਣਾਂ ਵਿੱਚੋਂ ਇੱਕ ਹੋਵੇ। ਉਨ੍ਹਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ’ਤੇ ਸਵਾਲ ਚੁੱਕਦਿਆਂ ਤਰਕ ਦਿੱਤਾ ਕਿ ਬਹੁਮਤ ਵਿੱਚ ਹੋਣ ਨਾਲ ਕਿਸੇ ਨੂੰ ਮਨਮਰਜ਼ੀ ਕਰਨ ਦਾ ਅਧਿਕਾਰ ਨਹੀਂ ਮਿਲ ਜਾਂਦਾ। ਉਨ੍ਹਾਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ਮੈਂ ਰਾਜ ਸਭਾ ਅਤੇ ਲੋਕ ਸਭਾ ਦੇ ਸਾਰੇ ਮੈਂਬਰਾਂ ਨੂੰ ਆਪਣੀ ਉਮੀਦਵਾਰੀ ’ਤੇ ਯੋਗਤਾ ਦੇ ਆਧਾਰ ’ਤੇ ਵਿਚਾਰ ਕਰਨ ਲਈ ਪੱਤਰ ਭੇਜੇ ਹਨ ਅਤੇ ਜੇਕਰ ਭਾਜਪਾ ਦੇ ਸੀਨੀਅਰ ਆਗੂ ਇਜਾਜ਼ਤ ਦੇਣ ਤਾਂ ਮੈਂ ਉਨ੍ਹਾਂ ਨੂੰ ਮਿਲ ਕੇ ਸਮਰਥਨ ਮੰਗਣ ਲਈ ਤਿਆਰ ਹਾਂ।’’ ਰੈੱਡੀ ਨੇ ਕੇਂਦਰ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ’ਤੇ ਤਸ਼ੱਦਦ ਕੀਤਾ ਗਿਆ ਅਤੇ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਗਈ।’’