ਲਖਨਊ, 12 ਜੂਨ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਲੋਕਤੰਤਰ ’ਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਹ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਮਗਰੋਂ ਦੇਸ਼ ਭਰ ’ਚ ਹੋ ਰਹੇ ਹਿੰਸਕ ਮੁਜ਼ਾਹਰਿਆਂ ਦੇ ਸੰਦਰਭ ’ਚ ਗੱਲ ਕਰ ਰਹੇ ਸਨ।
ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਲੋਕਤੰਤਰ ’ਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਲੋਕਤੰਤਰ ’ਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਜਦੋਂ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੀਤਾ ਜਾ ਸਕਦਾ ਹੈ ਤਾਂ ਪਥਰਾਅ, ਅੱਗਜ਼ਨੀ ਤੇ ਦੰਗਿਆਂ ਲਈ ਕੋਈ ਥਾਂ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਭਾਵੇਂ ਕੋਈ ਨੇਤਾ ਹੋਵੇ ਜਾਂ ਕੋਈ ਜਥੇਬੰਦੀ, ਕਿਸੇ ਨੂੰ ਵੀ ਬਲਦੀ ’ਚ ਤੇਲ ਨਹੀਂ ਪਾਉਣਾ ਚਾਹੀਦਾ ਕਿਉਂਕਿ ਇਸ ਨਾਲ ਲੋਕਾਂ ਦੇ ਨਾਲ ਦੇਸ਼ ਨੂੰ ਵੀ ਨੁਕਸਾਨ ਹੁੰਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਰਾਜਾਂ ਦਾ ਵਿਸ਼ਾ ਹੈ ਅਤੇ ਇਸ ਨੂੰ ਬਣਾਈ ਰੱਖਣ ਲਈ ਉਨ੍ਹਾਂ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਸਰਕਾਰ ਦੀਆਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਤੇਜ਼ੀ ਨਾਲ ਵੱਧਦੇ ਅਰਥਚਾਰੇ ਨਾਲ ਭਾਰਤ ਦੁਨੀਆ ’ਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਤੋਂ ਪਹਿਲਾਂ ਠਾਕੁਰ ਨੇ ਇੱਥੇ ਕੇਡੀ ਸਿੰਘ ਬਾਬੂ ਸਟੇਡੀਅਮ ’ਚ ਇੱਕ ਸਵੱਛਤਾ ਪ੍ਰੋਗਰਾਮ ’ਚ ਹਿੱਸਾ ਲਿਆ ਤੇ ਖੇਤਰ ਦੀ ਸਾਫ਼-ਸਫ਼ਾਈ ’ਚ ਯੋਗਦਾਨ ਦਿੱਤਾ। ਉਨ੍ਹਾਂ ਇੱਥੋਂ ‘ਫਿਟ ਇੰਡੀਆ ਰਨ’ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ ਤੇ ਖੁਦ ਵੀ ਇਸ ਵਿੱਚ ਭਾਗ ਲਿਆ। -ਪੀਟੀਆਈ