ਲੱਦਾਖ ’ਚ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: LG ਦੀ ਸਖ਼ਤ ਚੇਤਾਵਨੀ
ਲੈਫਟੀਨੈਂਟ ਗਵਰਨਰ (ਐਲਜੀ) ਕਵਿੰਦਰ ਗੁਪਤਾ ਨੇ ਕਿਹਾ ਕਿ ਪਾਕਿਸਤਾਨ ਅਤੇ ਚੀਨ ਨਾਲ ਘਿਰਿਆ ਹੋਇਆ ਲੱਦਾਖ ਹਿੰਸਾ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਪਰ ਕੁਝ ਲੋਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਲੇਹ ਵਿੱਚ ਹੋਈ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਚਾਰ ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਸ਼ਹਿਰ ਵਿੱਚ ਤੇਜ਼ੀ ਨਾਲ ਸੁਧਰ ਰਹੀ ਸਥਿਤੀ ’ਤੇ ਵੀ ਤਸੱਲੀ ਪ੍ਰਗਟ ਕੀਤੀ, ਜਿੱਥੇ ਅਧਿਕਾਰੀਆਂ ਨੇ ਕੁਝ ਦਿਨਾਂ ਦੀ ਥੋੜ੍ਹੀ ਜਿਹੀ ਢਿੱਲ ਤੋਂ ਬਾਅਦ ਵੀਰਵਾਰ ਨੂੰ ਪੂਰੇ ਦਿਨ ਲਈ ਕਰਫਿਊ ਵਿੱਚ ਢਿੱਲ ਦਿੱਤੀ।
ਐਲਜੀ ਗੁਪਤਾ ਨੇ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਪੂਰੇ ਲੱਦਾਖ ਵਿੱਚ ਲਾਗੂ ਹੈ, ਜੋ 24 ਸਤੰਬਰ ਦੀਆਂ ਘਟਨਾਵਾਂ ਨੂੰ ਦੁਹਰਾਉਣ ਤੋਂ ਬਚਣ ਲਈ ਲੋਕਾਂ ਦੇ ਇਕੱਠ ’ਤੇ ਪਾਬੰਦੀ ਲਗਾਉਂਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਚੌਥੇ ਦਿਨ ਵੀ ਸਾਰੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਖੁੱਲ੍ਹੇ ਅਤੇ ਦਫ਼ਤਰ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ ਹਾਲਾਤ ਲਗਭਗ ਆਮ ਹਨ। 8ਵੀਂ ਜਮਾਤ ਤੱਕ ਦੇ ਸਕੂਲ ਵੀ ਖੁੱਲ੍ਹ ਗਏ ਅਤੇ ਵਪਾਰਕ ਵਾਹਨ ਚੱਲ ਰਹੇ ਹਨ। ਸਮੁੱਚੀ ਸਥਿਤੀ ਆਮ ਹੈ ਅਤੇ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ।