ਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ, ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ
ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ ਨੇ ਨੇਪਾਲ ਵਿੱਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਹ ਨੇਪਾਲ ਵਿੱਚ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਭਾਰਤ ਨੇ ਨੇਪਾਲ ਵਿਚਲੇ ਆਪਣੇ ਨਾਗਰਿਕਾਂ ਲਈ ਐਮਰਜੈਂਸੀ ਸੰਪਰਕ ਨੰਬਰ ਜਾਰੀ ਕੀਤੇ ਹਨ, ਜਿੱਥੇ ਕਿਸੇ ਵੀ ਹੰਗਾਮੀ ਹਾਲਾਤ ਜਾਂ ਲੋੜ ਪੈਣ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨੇਪਾਲ ਵਿਚ ਭਾਰਤੀ ਅੰਬੈਸੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਨੇਪਾਲ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਹ ਕਿਸੇ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ ਜਾਂ ਸਹਾਇਤਾ ਦੀ ਲੋੜ ਹੈ ਤਾਂ ਸੰਪਰਕ ਲਈ ਕਾਠਮੰਡੂ ਸਥਿਤੀ ਭਾਰਤੀ ਦੂਤਾਵਾਸ ਨਾਲ 977-980 860 2881 ਤੇ 977-981 032 6134 ਟੈਲੀਫੋਨ ਨੰਬਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਬਿਆਨ ਵਿਚ ਭਾਰਤੀ ਨਾਗਰਿਕਾਂ ਨੂੰ ਨੇਪਾਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਹਾਲੀਆ ਅਸ਼ਾਂਤੀ ਦੌਰਾਨ ਕਈ ਨੌਜਵਾਨਾਂ ਦੀਆਂ ਜਾਨਾਂ ਜਾਣ ’ਤੇ ਸਾਨੂੰ ਬਹੁਤ ਦੁੱਖ ਹੈ। ਸਾਡੀਆਂ ਸੰਵੇਦਨਾਂਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ, ਅਤੇ ਅਸੀਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।’’ ਭਾਰਤ ਨੇ ਉਮੀਦ ਜਤਾਈ ਕਿ ਤਣਾਅਪੂਰਨ ਹਾਲਾਤ ਦਾ ਅਮਨ ਅਮਾਨ ਨਾਲ ਨਿਬੇੜਾ ਹੋ ਜਾਵੇਗਾ। ਮੰਤਰਾਲੇ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਵਿਦੇਸ਼ ਮੰਤਰਾਲੇ ਵੱਲੋਂ ਇਹ ਸਲਾਹਕਾਰੀ ਸੋਮਵਾਰ ਨੂੰ ਨੇਪਾਲ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਆਈ ਹੈ। ਪ੍ਰਦਰਸ਼ਨਕਾਰੀਆਂ ਖਾਸ ਕਰਕੇ ਨੌਜਵਾਨਾਂ ਨੇ ਨੇਪਾਲ ਸਰਕਾਰ ਵੱਲੋਂ ਫੇਸਬੁੱਕ ਅਤੇ ਐਕਸ (ਪਹਿਲਾਂ ਟਵਿੱਟਰ) ਸਮੇਤ 26 ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਖਿਲਾਫ਼ ਕਾਠਮੰਡੂ ਤੇ ਹੋਰਨਾਂ ਸ਼ਹਿਰਾਂ ਵਿਚ ਰੋਸ ਮੁਜ਼ਾਹਰੇ ਕੀਤੇ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਹੋਈ ਝੜਪ ਵਿਚ ਹੁਣ ਤੱਕ 19 ਲੋਕਾਂ ਦੀ ਜਾਨ ਜਾਂਦੀ ਰਹੀ ਹੈ ਤੇ ਤਿੰਨ ਸੌ ਤੋਂ ਵੱਧ ਲੋਕ ਜ਼ਖ਼ਮੀ ਹਨ।
ਸੋਮਵਾਰ ਦੇਰ ਰਾਤ ਹੋਈ ਐਮਰਜੈਂਸੀ ਕੈਬਨਿਟ ਮੀਟਿੰਗ ਵਿੱਚ, ਨੇਪਾਲ ਦੇ ਸੰਚਾਰ, ਸੂਚਨਾ ਅਤੇ ਪ੍ਰਸਾਰਣ ਮੰਤਰੀ, ਪ੍ਰਿਥਵੀ ਸੁੱਬਾ ਗੁਰੰਗ ਨੇ ਸੋਸ਼ਲ ਮੀਡੀਆ ਪਾਬੰਦੀ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਸਰਕਾਰ ਨੇ ਉਦੋਂ ਤੋਂ ਸਾਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਮੁੜ ਚਾਲੂ ਕਰਨ ਦੇ ਆਦੇਸ਼ ਦਿੱਤੇ ਹਨ। ਮੰਤਰੀ ਗੁਰੰਗ ਨੇ ਨੌਜਵਾਨਾਂ ਦੀ ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਜੋ ਮੁੱਖ ਤੌਰ ’ਤੇ 'ਜਨਰਲ ਜ਼ੈੱਡ' ਕਾਰਕੁਨਾਂ ਵੱਲੋਂ ਚਲਾਇਆ ਜਾਂਦਾ ਹੈ, ਨੂੰ ਆਪਣੇ ਵਿਰੋਧ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕੀਤੀ ਹੈ। ਇਹਤਿਆਤੀ ਪ੍ਰਬੰਧ ਵਜੋਂ ਹੋਰ ਹਿੰਸਾ ਨੂੰ ਰੋਕਣ ਲਈ ਕਾਠਮੰਡੂ ਅਤੇ ਕਈ ਹੋਰ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਨੇਪਾਲ ਵਿੱਚ ਇਸ ਵੇਲੇ ਭਾਰਤੀ ਨਾਗਰਿਕਾਂ ਨੂੰ ਵੱਡੇ ਇਕੱਠਾਂ ਤੋਂ ਬਚਣ, ਅਧਿਕਾਰਤ ਸਰੋਤਾਂ ਤੋਂ ਜਾਣੂ ਰਹਿਣ ਅਤੇ ਆਪਣੀ ਸੁਰੱਖਿਆ ਲਈ ਸਥਾਨਕ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਸਖ਼ਤ ਸਲਾਹ ਦਿੱਤੀ ਗਈ ਹੈ।