VP ਦੀਆਂ ਕਿਸਾਨਾਂ ਬਾਰੇ ਅਪੀਲਾਂ ਮੋਦੀ ਸਰਕਾਰ ਵੱਲੋਂ ਨਜ਼ਰਅੰਦਾਜ਼: ਧਨਖੜ ਦੇ ਜਨਮ ਦਿਨ ਮੌਕੇ ਜੈਰਾਮ ਰਮੇਸ਼ ਦਾ ਤਨਜ਼
ਨਵੀਂ ਦਿੱਲੀ, 18 ਮਈ
ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਤਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇਣ ਸਮੇਂ ਮੋਦੀ ਸਰਕਾਰ 'ਤੇ ਤਨਜ਼ ਕੱਸਦਿਆਂ ਸਰਕਾਰ ਉਤੇ ਅੰਦੋਲਨਕਾਰੀ ਕਿਸਾਨਾਂ ਲਈ ਧਨਖੜ ਦੀਆਂ ਭਾਵੁਕ ਅਪੀਲਾਂ ਨੂੰ "ਲਗਾਤਾਰ ਅਣਗੌਲਿਆਂ" ਕਰਨ ਦਾ ਦੋਸ਼ ਲਗਾਇਆ।
ਧਨਖੜ, ਜੋ ਕਿ ਰਾਜ ਸਭਾ ਦੇ ਚੇਅਰਮੈਨ ਵੀ ਹਨ, ਨੇ 11 ਅਗਸਤ, 2022 ਨੂੰ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਹ ਐਤਵਾਰ ਨੂੰ 74 ਸਾਲ ਦੇ ਹੋ ਗਏ ਹਨ।
ਰਮੇਸ਼ ਨੇ ਐਕਸ X 'ਤੇ ਇੱਕ ਪੋਸਟ ਵਿੱਚ ਕਿਹਾ, "ਅਟੱਲ ਇਰਾਦੇ ਵਾਲੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਜਗਦੀਪ ਧਨਖੜ ਅੱਜ 74 ਸਾਲ ਦੇ ਹੋ ਗਏ ਹਨ।’’
ਉਨ੍ਹਾਂ ਕਿਹਾ, "ਇਸ ਖੁਸ਼ੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਇਹ ਯਾਦ ਰੱਖਣਾ ਪਵੇਗਾ ਕਿ ਇਹ ਬਹੁਤ ਹੀ ਮੰਦਭਾਗਾ ਤਾਂ ਹੈ ਪਰ ਪੂਰੀ ਤਰ੍ਹਾਂ ਹੈਰਾਨੀਜਨਕ ਨਹੀਂ ਹੈ ਕਿ ਮੋਦੀ ਸਰਕਾਰ ਅੰਦੋਲਨਕਾਰੀ ਕਿਸਾਨਾਂ ਬਾਰੇ ਉਨ੍ਹਾਂ ਦੀਆਂ ਭਾਵੁਕ ਬੇਨਤੀਆਂ ਨੂੰ ਅਣਗੌਲਿਆ ਕਰ ਰਹੀ ਹੈ।"
ਇਸ ਮਹੀਨੇ ਦੇ ਸ਼ੁਰੂ ਵਿੱਚ, ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸੇਧਣ ਲਈ ਉਪ-ਰਾਸ਼ਟਰਪਤੀ ਧਨਖੜ ਦੀ ਟਿੱਪਣੀ ਦਾ ਹਵਾਲਾ ਦਿੱਤਾ ਸੀ, ਜਦੋਂ ਧਨਖੜ ਨੇ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਮਾਮਲੇ ਵਿਚ ਸਰਕਾਰ ਦੀ ਢਿੱਲ-ਮੱਠ ’ਤੇ ਇਤਰਾਜ਼ ਕਰਦਿਆਂ ਕਿਹਾ ਸੀ ਕਿ ਕਿਸਾਨਾਂ ਸਹਾਇਤਾ ਦੇਣ ਦੇ ਸਮੇਂ ਮਹਿੰਗਾਈ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਧਨਖੜ ਨੇ ਅਮਰੀਕੀ ਪੈਟਰਨ ਦੇ ਆਧਾਰ 'ਤੇ ਕਿਸਾਨਾਂ ਲਈ ਖਾਦ ਸਬਸਿਡੀਆਂ ਵਿੱਚ ਸਿੱਧੇ ਲਾਭ ਟ੍ਰਾਂਸਫਰ (DBT) ਦੀ ਵਕਾਲਤ ਕੀਤੀ ਸੀ ਅਤੇ ਮੰਗ ਕੀਤੀ ਸੀ ਕਿ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੇ ਸਮੇਂ ਮਹਿੰਗਾਈ ਨੂੰ ਧਿਆਨ ਵਿੱਚ ਰੱਖਿਆ ਜਾਵੇ, ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਦੇ ਮਾਮਲੇ ਵਿਚ ਕੀਤਾ ਜਾਂਦਾ ਹੈ।
ਇਸ ਦੌਰਾਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਉਪ-ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ, "ਮੈਂ ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਮਾਣਯੋਗ ਚੇਅਰਮੈਨ ਸ੍ਰੀ ਜਗਦੀਪ ਧਨਖੜ ਜੀ ਨੂੰ ਜਨਮ ਦਿਨ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।’’
ਖੜਗੇ ਨੇ ਆਪਣੀ ਐਕਸ ਪੋਸਟ ਵਿਚ ਕਿਹਾ ਕਿ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਮਿਲੇ ਅਤੇ ਸੰਸਦੀ ਲੋਕਤੰਤਰ ਨੂੰ ਕਾਇਮ ਰੱਖਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਡੋਲ ਰਹੇ। -ਪੀਟੀਆਈ