ਜੰਮੂ, 12 ਜੂਨ
ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਅਤਿਵਾਦ ਆਪਣੇ ਆਖ਼ਰੀ ਸਾਹ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਦੀ ’ਚੋਂ ਉਜੜੇ ਕਸ਼ਮੀਰੀ ਪੰਡਿਤਾਂ ਦੀ ਸਨਮਾਨਯੋਗ ਵਾਪਸੀ ਤੇ ਮੁੜ ਵਸੇਬਾ ਯਕੀਨੀ ਬਣਾਏਗੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨਵੀਆਂ ਉਚਾਈਆਂ ਛੂਹ ਰਿਹਾ ਹੈ। ਇਸ ਗੱਲ ਤੋਂ ਈਰਖਾ ਕਰਨ ਵਾਲੇ ਮੁੱਠੀ ਭਰ ਲੋਕਾਂ ਦੀਆਂ ਸਾਜ਼ਿਸ਼ਾਂ ਤੋਂ ਸਰਕਾਰ ਅਤੇ ਇਸ ਦੀਆਂ ਏਜੰਸੀਆਂ ਚੌਕਸ ਹਨ। ਉਨ੍ਹਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਤੋਂ ਬਿਨਾ ਭਾਰਤ ਦਾ ਤਾਜ ਅਧੂਰਾ ਹੈ। ਇੱਥੇ ਭਾਜਪਾ ਦੀ ਵਿਸਥਾਪਿਤ ਕਸ਼ਮੀਰੀ ਇਕਾਈ ਵੱਲੋਂ ਕਰਵਾਏ ਗਏ ਇਕ ਸਮਾਰੋਹ ਦੌਰਾਨ ਮੀਡੀਆ ਨਾਲ ਵੱਖਰੇ ਤੌਰ ’ਤੇ ਗੱਲਬਾਤ ਕਰਦਿਆਂ ਸ੍ਰੀ ਪਟੇਲ ਨੇ ਕਿਹਾ, ‘‘ਪਿਛਲੇ ਤਿੰਨ ਦਹਾਕਿਆਂ ਤੋਂ ਬਹਾਦਰੀ ਨਾਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਸੀਂ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਉਨ੍ਹਾਂ ਦੀ ਦ੍ਰਿੜ੍ਹਤਾ ਲਈ ਸਲਾਮ ਕਰਦੇ ਹਾਂ। ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਅਤਿਵਾਦ ਆਪਣੇ ਆਖ਼ਰੀ ਸਾਹ ਲੈ ਰਿਹਾ ਹੈ।’’ ਕੇਂਦਰੀ ਮੰਤਰੀ ਨੇ ਕਿਹਾ, ‘‘ਅਤਿਵਾਦ ਖ਼ਿਲਾਫ਼ ਲੜਾਈ ਫੈਸਲਾਕੁਨ ਪੜਾਅ ’ਤੇ ਪਹੁੰਚ ਚੁੱਕੀ ਹੈ ਅਤੇ ਅਸੀਂ ਜਿੱਤ ਵੱਲ ਵਧ ਰਹੇ ਹਾਂ। ਕੇਂਦਰ ਸਰਕਾਰ ਜੰਮੂ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਰਹਿੰਦੇ ਅਤੇ ਦੇਸ਼ ਤੋਂ ਬਾਹਰ ਰਹਿੰਦੇ ਕਸ਼ਮੀਰੀ ਪੰਡਿਤਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੈ।’’ -ਪੀਟੀਆਈ