ਲਖਨਊ, 2 ਜੁਲਾਈ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਫ਼ੈਸਲਾ ਲੈਣ ਦੌਰਾਨ ਪਾਰਟੀ ਵਰਕਰਾਂ ਦੇ ਵਿਚਾਰਾਂ ’ਤੇ ਗੌਰ ਕੀਤਾ ਜਾਵੇਗਾ। ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੁਲਤਾਨਪੁਰ ਤੇ ਅਲਾਹਬਾਦ ਜ਼ਿਲ੍ਹਿਆਂ ਵਿਚ ਹੋਏ ਪਾਰਟੀ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਸੰਬੋਧਨ ਕਰ ਰਹੇ ਸਨ।
ਪਾਰਟੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭਣ ਲਈ ਉਤਸ਼ਾਹਿਤ ਕਰਦਿਆਂ ਸ੍ਰੀਮਤੀ ਗਾਂਧੀ ਨੇ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕਰਨ ਸਬੰਧੀ ਉਨ੍ਹਾਂ ਦੇ ਵਿਚਾਰ ਸੁਣੇ ਜਾਣਗੇ ਅਤੇ ਪਾਰਟੀ ਦਾ ਮੈਨੀਫੈਸਟੋ ਤਿਆਰ ਕਰਨ ਵੇਲੇ ਪਾਰਟੀ ਵਰਕਰਾਂ ਵੱਲੋਂ ਦਿੱਤੀ ਗਈ ਹਰੇਕ ਜਾਣਕਾਰੀ ਨੂੰ ਵਿਚਾਰਿਆ ਜਾਵੇਗਾ।
ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਕੋਆਰਡੀਨੇਟਰ ਲਲਨ ਕੁਮਾਰ ਅਨੁਸਾਰ ਪ੍ਰਿਯੰਕਾ ਗਾਂਧੀ ਨੇ ਜ਼ੋਰ ਦੇ ਕੇ ਕਿਹਾ ਕਿ ਲਗਾਤਾਰ ਉਪਰਾਲੇ ਸਫ਼ਲਤਾ ਵੱਲ ਇਕ ਅਹਿਮ ਕਦਮ ਹੈ ਅਤੇ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਉਠਾਏ ਗਏ ਕਦਮਾਂ ਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗੇ ਹਨ।
ਕਾਂਗਰਸੀ ਆਗੂ ਨੇ ਵਰਕਰਾਂ ਨੂੰ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਲਈ ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣਾ ਉਨ੍ਹਾਂ ਦੀ ਪਾਰਟੀ ਦਾ ਲੋਕਤੰਤਰੀ ਅਧਿਕਾਰ ਹੈ। -ਪੀਟੀਆਈ