ਚੋਣ ਕਮਿਸ਼ਨ ਵੱਲੋਂ ਬੰਗਾਲ ਸਰਕਾਰ ਦੇ ਅਧਿਕਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਸਹਿਣ ਨਹੀਂ ਕਰਾਂਗੇ: ਮਮਤਾ ਬੈਨਰਜੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਐੱਸ ਆਈ ਆਰ ’ਤੇ ਵੀ ਚੁੱਕੇ ਸਵਾਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਦੇ ਅਧਿਕਾਰੀ ਉਨ੍ਹਾਂ ਦੀ ਸਰਕਾਰ ਦੇ ਅਧਿਕਾਰੀਆਂ ਨੂੰ ਧਮਕਾ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਪ੍ਰਭਾਵ ਤਹਿਤ ਕੰਮ ਕਰ ਰਹੇ ਹਨ।
ਉਨ੍ਹਾਂ ਭਾਰਤੀ ਜਨਤਾ ਪਾਰਟੀ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦੇ ਨਾਮ ’ਤੇ ਅੱਗ ਨਾਲ ਖੇਡਣ ਦਾ ਦੋਸ਼ ਲਗਾਇਆ ਅਤੇ ਚਿਤਾਵਨੀ ਦਿੱਤੀ ਕਿ ਵੋਟਰ ਸੂਚੀ ਨਾਲ ਛੇੜਛਾੜ ਦੀ ਕੋਈ ਵੀ ਕੋਸ਼ਿਸ਼ ਲੋਕਤੰਤਰ ਨਾਲ ਵਿਸ਼ਵਾਸਘਾਤ ਹੋਵੇਗਾ। ਪੱਛਮੀ ਬੰਗਾਲ ਸਕੱਤਰੇਤ ਵਿੱਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਕਿਹਾ, ‘‘ਚੋਣ ਕਮਿਸ਼ਨ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਿਹਾ ਹੈ। ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ।’’
ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਹੈਰਾਨੀ ਜਤਾਈ ਕਿ ਸੂਬੇ ਦਾ ਦੌਰਾ ਕਰਨ ਵਾਲੇ ਚੋਣ ਕਮਿਸ਼ਨ ਦੇ ਅਧਿਕਾਰੀ ਸਰਕਾਰੀ ਅਧਿਕਾਰੀਆਂ ਨੂੰ ਕਿਵੇਂ ਤਲਬ ਕਰ ਸਕਦੇ ਹਨ ਜਦਕਿ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਜੇ ਤੱਕ ਨਹੀਂ ਹੋਇਆ ਹੈ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।