ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਨਾ ਲਏ ਗਏ ਤਾਂ ਦੇਸ਼ ਭਰ ’ਚ ਪ੍ਰਦਰਸ਼ਨ ਕੀਤੇ ਜਾਣਗੇ। ਤ੍ਰਿਣਮੂਲ ਕਾਂਗਰਸ ਸੁਪਰੀਮੋ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਈ ਟਵੀਟ ਕੀਤੇ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਮੈਂ ਕਿਸਾਨਾਂ, ਉਨ੍ਹਾਂ ਦੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਨੂੰ ਲੈ ਕੇ ਫਿਕਰਮੰਦ ਹਾਂ। ਭਾਰਤ ਸਰਕਾਰ ਨੂੰ ਕਿਸਾਨ ਵਿਰੋਧ ਕਾਨੂੰਨੀ ਵਾਪਸ ਲੈਣੇ ਚਾਹੀਦੇ ਹਨ। ਜੇਕਰ ਉਨ੍ਹਾਂ ਇਹ ਕਾਨੂੰਨ ਫ਼ੌਰੀ ਵਾਪਸ ਨਾ ਲਏ ਤਾਂ ਅਸੀਂ ਸੂਬੇ ਅਤੇ ਮੁਲਕ ਭਰ ’ਚ ਪ੍ਰਦਰਸ਼ਨ ਕਰਾਂਗੇ। ਅਸੀਂ ਸ਼ੁਰੂ ਤੋਂ ਹੀ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਦਾ ਤਿੱਖਾ ਵਿਰੋਧ ਕਰ ਰਹੇ ਹਾਂ।’’ ਇਕ ਹੋਰ ਟਵੀਟ ’ਚ ਉਨ੍ਹਾਂ ਦੱਸਿਆ ਕਿ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਭਲਕੇ ਮੀਟਿੰਗ ਹੋਵੇਗੀ ਜਿਥੇ ਜ਼ਰੂਰੀ ਵਸਤਾਂ ਐਕਟ ਨਾਲ ਆਮ ਲੋਕਾਂ ’ਤੇ ਪੈ ਰਹੇ ਅਸਰ ਅਤੇ ਉਸ ਕਾਰਨ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
-ਪੀਟੀਆਈ