ਕੋਲਕਾਤਾ, 23 ਜੁਲਾਈ
ਪੱਛਮੀ ਬੰਗਾਲ ਵਿੱਚ ਕਥਿਤ ਤੌਰ ’ਤੇ ਕਾਨੂੰਨ-ਵਿਵਸਥਾ ਦੀਆਂ ਉੱਡ ਰਹੀਆਂ ਧੱਜੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਰਾਜਪਾਲ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਰਾਜ ਦੀ ਪੁਲੀਸ ਨੇਮਾਂ ਮੁਤਾਬਕ ਕੰਮ ਨਹੀਂ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਅਪੀਲ ਕੀਤੀ ਕਿ ਉਹ ਸਮਾਂ ਕੱਢ ਕੇ ਇਸ ਮੁੱਦੇ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ। ਟਵਿੱਟਰ ’ਤੇ ਰਾਜਪਾਲ ਨੇ ਕਿਹਾ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪੁਲੀਸ ਵੱਲੋ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕਾਬਜ਼ ਧਿਰ ਦੇ ਵਰਕਰਾਂ ਵਾਂਗ ਕਾਰਵਾਈ ਕਰ ਰਹੀ ਹੈ। ਉਨ੍ਹਾਂ ਇਕ ਵੀਡੀਓ ਸੁਨੇਹੇ ਵਿੱਚ ਕਿਹਾ, ‘‘ਰਾਜ ਦਾ ਰਾਜਪਾਲ ਹੋਣ ਕਰ ਕੇ ਮੈਂ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਦੇ ਹਾਲਾਤ ’ਚ ਆ ਰਹੇ ਨਿਘਾਰ ਨੂੰ ਦੇਖ ਕੇ ਬਹੁਤ ਚਿੰਤਤ ਹਾਂ।’’ -ਪੀਟੀਆਈ