ਜਿਸ ਦੇ ਖੇਤ, ਉਸ ਦੀ ਰੇਤ: ਖੇਤਾਂ ’ਚੋਂ ਰੇਤ ਕੱਢਣ ਤੇ ਵੇਚਣ ਦੀ ਮਿਲੇਗੀ ਇਜਾਜ਼ਤ
ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਕਈ-ਕਈ ਫੁੱਟ ਰੇਤਾ ਆ ਗਿਆ ਸੀ, ਜਿਸ ਕਰਕੇ ਕਿਸਾਨਾਂ ਨੂੰ ਖੇਤੀ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਹੜ੍ਹ ਪ੍ਰਭਾਵਿਤ ਖੇਤਾਂ ਵਿੱਚੋਂ ਕਿਸਾਨਾਂ ਨੂੰ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ, ਘਰਾਂ ਦਾ ਨੁਕਸਾਨ ਹੋ ਗਿਆ ਅਤੇ ਪਸ਼ੂ ਮਰ ਗਏ ਹਨ। ਇਸ ਸਮੇਂ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਖੇਤਾਂ ਵਿੱਚ ਇਕੱਠੀ ਹੋਈ ਰੇਤ ਹੈ, ਜੋ ਭਵਿੱਖ ਦੀ ਖੇਤੀ ਨੂੰ ਮੁਸ਼ਕਲ ਬਣਾ ਸਕਦੀ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਇਕ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਬਿਨਾਂ ਕਿਸੇ ਰੁਕਾਵਟ ਆਪਣੇ ਖੇਤ ’ਚੋਂ ਰੇਤ ਚੁੱਕ ਸਕਣਗੇ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਆਈ ਰੇਤ ਵੇਚਣ ਦਾ ਮੌਕਾ ਵੀ ਮਿਲੇਗਾ ਤਾਂ ਜੋ ਇਸ ਦੀ ਵਰਤੋਂ ਉਸਾਰੀ ਕੰਮਾਂ ਲਈ ਕੀਤੀ ਜਾ ਸਕੇ।
ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦਿਨ-ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੁੱਖ ਦੀ ਘੜੀ ਵਿੱਚ ਵੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ’ਤੇ ਗੱਲ ਜ਼ਰੂਰ ਕੀਤੀ ਗਈ ਹੈ, ਪਰ ਪੰਜਾਬ ਲਈ ਕੋਈ ਰਾਹਤ ਪੈਕੇਜ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਪੰਜਾਬ ਆਏ ਪਰ ਖਾਲੀ ਹੱਥ ਹੀ ਵਾਪਸ ਚਲੇ ਗਏ ਸਨ। ਚੌਹਾਨ ਨੇ ਵੀ ਪੰਜਾਬ ਲਈ ਕੋਈ ਠੋਸ ਵਿੱਤੀ ਸਹਾਇਤਾ ਦਾ ਐਲਾਨ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹੇ ਹਨ, ਜੋ ਪਹਿਲ ਦੇ ਆਧਾਰ ’ਤੇ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੜ੍ਹਾਂ ਦੌਰਾਨ ਰਾਜਨੀਤੀ ਬੰਦ ਕਰਕੇ ਪੰਜਾਬ ਲਈ ਤੁਰੰਤ ਰਾਹਤ ਪੈਕੇਜ ਜਾਰੀ ਕਰੇ। ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 9 ਸਤੰਬਰ ਨੂੰ ਪੰਜਾਬ ਆਉਣ ਤੋਂ ਪਹਿਲਾਂ ਬਕਾਇਆ ਰਾਸ਼ੀ ਜਾਰੀ ਕਰਨ।