ਬਿਹਾਰ ’ਚ ਸਰਕਾਰੀ ਨੌਕਰੀਆਂ ਲਈ ਕਾਨੂੰਨ ਲਿਆਵਾਂਗੇ: ਤੇਜਸਵੀ
ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਨੇਤਾ ਤੇਜਸਵੀ ਪ੍ਰਸਾਦ ਯਾਦਵ ਨੇ ਅੱਜ ਦਾਅਵਾ ਕੀਤਾ ਕਿ ਜੇਕਰ ‘ਇੰਡੀਆ’ ਗੱਠਜੋੜ ਬਿਹਾਰ ਵਿੱਚ ਸੱਤਾ ਵਿੱਚ ਆਉਂਦਾ ਹੈ ਤਾਂ ਸੂਬੇ ਦੇ ਹਰ ਪਰਿਵਾਰ ਵਿੱਚ ਘੱਟੋ-ਘੱਟ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਯਕੀਨੀ ਬਣਾਉਣ ਲਈ ‘ਕਾਨੂੰਨ’...
ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਨੇਤਾ ਤੇਜਸਵੀ ਪ੍ਰਸਾਦ ਯਾਦਵ ਨੇ ਅੱਜ ਦਾਅਵਾ ਕੀਤਾ ਕਿ ਜੇਕਰ ‘ਇੰਡੀਆ’ ਗੱਠਜੋੜ ਬਿਹਾਰ ਵਿੱਚ ਸੱਤਾ ਵਿੱਚ ਆਉਂਦਾ ਹੈ ਤਾਂ ਸੂਬੇ ਦੇ ਹਰ ਪਰਿਵਾਰ ਵਿੱਚ ਘੱਟੋ-ਘੱਟ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਯਕੀਨੀ ਬਣਾਉਣ ਲਈ ‘ਕਾਨੂੰਨ’ ਲਿਆਂਦਾ ਜਾਵੇਗਾ। ਤੇਜਸਵੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ਨਵੀਂ ਸਰਕਾਰ ਬਣਨ ਦੇ 20 ਦਿਨਾਂ ਦੇ ਅੰਦਰ-ਅੰਦਰ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇਗਾ।’’ ਉਨ੍ਹਾਂ ਕਿਹਾ, ‘‘ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ਪਿਛਲੇ 20 ਸਾਲਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਨਾਕਾਮ ਰਿਹਾ ਹੈ। ਅਸੀਂ ਸੱਤਾ ਵਿੱਚ ਆਉਣ ਦੇ 20 ਦਿਨਾਂ ਦੇ ਅੰਦਰ ਇਹ ਕਾਨੂੰਨ ਲਿਆਵਾਂਗੇ ਅਤੇ 20 ਮਹੀਨਿਆਂ ਦੇ ਅੰਦਰ ਇਸਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।’’ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, ‘‘ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਮੈਂ ਸਰਕਾਰੀ ਨੌਕਰੀਆਂ ਦਾ ਵਾਅਦਾ ਕੀਤਾ ਸੀ। ਮੇਰੀ ਸਰਕਾਰ ਦੌਰਾਨ ਪੰਜ ਲੱਖ ਨੌਕਰੀਆਂ ਦਿੱਤੀਆਂ ਗਈਆਂ। ਤੁਸੀਂ ਕਲਪਨਾ ਕਰ ਸਕਦੇ ਹੋ ਕਿ ਜੇਕਰ ਮੈਨੂੰ ਪੂਰੇ ਪੰਜ ਸਾਲ ਦਾ ਕਾਰਜਕਾਲ ਮਿਲ ਜਾਂਦਾ ਤਾਂ ਕੀ ਕੁੱਝ ਸੰਭਵ ਹੁੰਦਾ।’’