ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਦਸੰਬਰ
‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਯੂਪੀ ਦੇ ਲੋਕ ਵੀ ਮੁਫਤ ਬਿਜਲੀ, ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਚਾਹੁੰਦੇ ਹਨ। ਗੰਦੀ ਰਾਜਨੀਤੀ ਤੇ ਭ੍ਰਿਸ਼ਟ ਨੇਤਾ ਯੂਪੀ ਨੂੰ ਤਰੱਕੀ ਦੇ ਰਾਹ ’ਤੇ ਜਾਣ ਤੋਂ ਰੋਕ ਰਹੇ ਹਨ। ਇਸੇ ਕਰਕੇ ਯੂਪੀ ਵਿੱਚ ਸਿਹਤ, ਸਿੱਖਿਆ ਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਯੂਪੀ ਦੇ ਲੋਕਾਂ ਨੇ ਹਰ ਪਾਰਟੀ ’ਤੇ ਵਿਸ਼ਵਾਸ ਕੀਤਾ ਅਤੇ ਪਰ ਹਰ ਪਾਰਟੀ ਨੇ ਲੋਕਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ, ‘ਅਸੀਂ ਸਪੱਸ਼ਟ ਉਦੇਸ਼ ਨਾਲ ਦਿੱਲੀ ਨੂੰ ਬਦਲ ਕੇ ਦਿਖਾਇਆ ਹੈ, ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿੱਤਾ ਤੇ ਅੱਜ ਉਹ ਦੂਜੀਆਂ ਪਾਰਟੀਆਂ ਨੂੰ ਭੁੱਲ ਗਏ ਹਨ।’ ਯੂਪੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ, ‘ਤੁਹਾਨੂੰ ਵੀ ਸਾਨੂੰ ਇੱਕ ਮੌਕਾ ਦੇਣਾ ਚਾਹੀਦਾ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਸੀਂ ਵੀ ਦੂਜੀਆਂ ਪਾਰਟੀਆਂ ਨੂੰ ਭੁੱਲ ਜਾਓਗੇ।’