ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਅਹਿਲਿਆਨਗਰ ਜ਼ਿਲ੍ਹੇ ਵਿੱਚ ਡਾ. ਵਿਠਲਰਾਓ ਵਿਖੇ ਪਾਟਿਲ ਸਹਿਕਾਰੀ ਸ਼ੂਗਰ ਫੈਕਟਰੀ ਦੀ ਵਿਸਤਾਰਿਤ ਇਕਾਈ ਦਾ ਉਦਘਾਟਨ ਕਰਨ ਤੋਂ ਬਾਅਦ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਮੀਂਹ ਕਾਰਨ 60 ਲੱਖ ਹੈਕਟੇਅਰ ਤੋਂ ਵੱਧ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ।ਸ਼ਾਹ ਨੇ ਕਿਹਾ, ‘ਮੇਰੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਦੋਵਾਂ ਉਪ ਮੁੱਖ ਮੰਤਰੀਆਂ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨਾਲ ਮੀਟਿੰਗ ਹੋਈ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਜਿਵੇਂ ਹੀ ਸਾਨੂੰ ਵਿਸਤ੍ਰਿਤ ਰਿਪੋਰਟ ਸੌਂਪੀ ਜਾਵੇਗੀ, ਪ੍ਰਧਾਨ ਮੰਤਰੀ ਮੋਦੀ ਮਹਾਰਾਸ਼ਟਰ ਦੇ ਕਿਸਾਨਾਂ ਦੀ ਮਦਦ ਕਰਨ ਵਿੱਚ ਦੇਰੀ ਨਹੀਂ ਕਰਨਗੇ।’ਉਨ੍ਹਾਂ ਦੱਸਿਆ ਕਿ ਕੇਂਦਰ ਪਹਿਲਾਂ ਹੀ ਪਿਛਲੇ ਸਾਲ ਦੀ ਮਦਦ ’ਚੋਂ 3,132 ਕਰੋੜ ਰੁਪਏ ਜਾਰੀ ਕਰ ਚੁੱਕਾ ਹੈ, ਜਿਸ ਵਿੱਚ ਇਸ ਸਾਲ ਅਪਰੈਲ ਵਿੱਚ ਦਿੱਤੇ ਗਏ 1,631 ਕਰੋੜ ਰੁਪਏ ਵੀ ਸ਼ਾਮਲ ਹਨ। ਸ਼ਾਹ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਵੀ 2,215 ਕਰੋੜ ਰੁਪਏ ਦੀ ਮਦਦ ਕੀਤੀ ਹੈ, ਜਿਸ ਨਾਲ 31 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਇਆ ਹੈ।ਸ਼ਾਹ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ, ‘ਮਹਾਰਾਸ਼ਟਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਹਰ ਪਰਿਵਾਰ ਨੂੰ 10,000 ਰੁਪਏ ਦੀ ਨਕਦ ਸਹਾਇਤਾ ਅਤੇ 35 ਕਿਲੋ ਅਨਾਜ ਮੁਹੱਈਆ ਕਰਵਾਇਆ ਹੈ। ਕਰਜ਼ਾ ਵਸੂਲੀ ਮੁਅੱਤਲ ਕਰ ਦਿੱਤੀ ਗਈ ਹੈ, ਈ-ਕੇ ਵਾਈ ਸੀ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ ਅਤੇ ਮਾਲੀਆ ਟੈਕਸ ਅਤੇ ਸਕੂਲ ਫੀਸਾਂ ਵਿੱਚ ਵੀ ਰਾਹਤ ਦਿੱਤੀ ਗਈ ਹੈ।’