ਲਖਨਊ, 10 ਫਰਵਰੀ
ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਪੱਛਮੀ ਉੱਤਰ ਪ੍ਰਦੇਸ਼ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਸੱਤਾ ’ਚ ਆਉਂਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਇਹ ਨਵੇਂ ਖੇਤੀ ਕਾਨੂੰਨ ਰੱਦ ਕਰ ਦੇਵੇਗੀ। ਸਹਾਰਨਪੁਰ ’ਚ ਕਰਵਾਈ ਗਈ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਜਨਰਲ ਸਕੱਤਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਭਾਜਪਾ ਆਗੂਆਂ ’ਤੇ ਦੋਸ਼ ਲਾਇਆ ਕਿ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ, ‘ਇਹ ਤਿੰਨੇ ਕਾਨੂੰਨ ਖਤਰਨਾਕ ਹਨ। ਜੇਕਰ ਕਾਂਗਰਸ ਸੱਤਾ ’ਚ ਆਉਂਦੀ ਹੈ ਤਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।’ ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਕਾਂਗਰਸ ਸੰਘਰਸ਼ ਜਾਰੀ ਰੱਖੇਗੀ। ਇਹ ਕਿਸਾਨਾਂ ਦੀ ਪਹਿਲੀ ਰੈਲੀ ਹੈ ਜੋ ਪੱਛਮੀ ਉੱਤਰ ਪ੍ਰਦੇਸ਼ ’ਚ ਕਾਂਗਰਸ ਨੇ ਕੀਤੀ ਹੈ।
ਪ੍ਰਿਯੰਕਾ ਗਾਂਧੀ ਨੂੰ ਇਸ ਮੌਕੇ ‘ਹਲ’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਹ ਤਿਨ ਕਾਨੂੰਨ ਇਸ ਤਰ੍ਹਾਂ ਤਿਆਰ ਕੀਤੇ ਗਏ ਹਨ ਕਿ ਸਰਕਾਰੀ ਮੰਡੀਆਂ ਆਪਣੇ ਆਪ ਖਤਮ ਹੋ ਜਾਣਗੀਆਂ ਅਤੇ ਕਿਸਾਨਾਂ ਨੂੰ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਨਹੀਂ ਮਿਲੇਗਾ। ਉਨ੍ਹਾਂ ਕਿਹਾ, ‘ਸਿੱਧੇ ਸ਼ਬਦਾਂ ਵਿੱਚ ਕਿਸਾਨਾਂ ਦੀ ਆਵਾਜ਼ ਕਮਜ਼ੋਰ ਹੁੰਦੀ ਜਾਵੇਗੀ ਅਤੇ ਅਰਬਪਤੀ ਮਜ਼ਬੂਤ ਹੁੰਦੇ ਜਾਣਗੇ।’ ਉਨ੍ਹਾਂ ਕਿਹਾ, ‘ਕਿਸਾਨਾਂ ਦੇ ਦਿਲ ਦੀ ਗੱਲ ਸਮਝਣ ਲਈ ਮੇਰੀਆਂ ਭਾਵਨਾਵਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਜਾਣ ਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ।’ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ। -ਪੀਟੀਆਈ