ਬਿਹਾਰ ਵਿਧਾਨ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇਜਸਵੀ ਯਾਦਵ ਨੇ ਵਕਫ਼ (ਸੋਧ) ਐਕਟ ਨੂੰ ਲੈ ਕੇ ਅੱਜ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ ਕਿ ਗੱਠਜੋੜ ਦੇ ਸੱਤਾ ਵਿੱਚ ਆਉਣ ’ਤੇ ਇਸ ਐਕਟ ਨੂੰ ਕੂੜੇਦਾਨ ’ਚ ਸੁੱਟ ਦਿੱਤਾ ਜਾਵੇਗਾ।
ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਆਗੂ ਨੇ ਮੁਸਲਿਮ ਬਹੁ-ਗਿਣਤੀ ਵਾਲੇ ਕਟਿਹਾਰ ਜ਼ਿਲ੍ਹੇ ਵਿੱਚ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ (ਲਾਲੂ ਪ੍ਰਸਾਦ ਯਾਦਵ) ਨੇ ਕਦੇ ਫਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ ਪਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦਾ ਸਾਥ ਦਿੱਤਾ ਹੈ, ਜਿਸ ਕਾਰਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐੱਸ ਐੱਸ) ਅਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਸੂਬੇ ਅਤੇ ਦੇਸ਼ ਵਿੱਚ ਨਫ਼ਰਤ ਫੈਲਾ ਰਹੀਆਂ ਹਨ। ਉਨ੍ਹਾਂ ਭਾਰਤੀ ਜਨਤਾ ਪਾਰਟੀ ਨੂੰ ‘ਭਾਰਤ ਜਲਾਓ ਪਾਰਟੀ’ ਕਰਾਰ ਦਿੰਦੇ ਹੋਏ ਕਿਹਾ ਕਿ ਭਾਜਪਾ ਸੱਤਾ ਵਿੱਚ ਆਈ ਤਾਂ ਫਿਰਕੂ ਏਜੰਡਾ ਤੇਜ਼ ਹੋਵੇਗਾ।
ਜ਼ਿਕਰਯੋਗ ਹੈ ਕਿ ਵਕਫ਼ (ਸੋਧ) ਐਕਟ ਅਪਰੈਲ ਵਿੱਚ ਸੰਸਦ ’ਚ ਪਾਸ ਹੋਇਆ ਸੀ। ਸੱਤਾ ਧਿਰ ਨੇ ਇਸ ਨੂੰ ਪਿਛੜੇ ਹੋਏ ਮੁਸਲਮਾਨਾਂ ਅਤੇ ਭਾਈਚਾਰੇ ਦੀਆਂ ਔਰਤਾਂ ਲਈ ਪਾਰਦਰਸ਼ਤਾ ਅਤੇ ਸ਼ਕਤੀਕਰਨ ਦਾ ਸਰੋਤ ਦੱਸਿਆ ਹੈ; ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਹ ਮੁਸਲਮਾਨਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਦਾ ਹੈ। ਸ੍ਰੀ ਤੇਜਸਵੀ ਯਾਦਵ ਨੇ ਦੋਸ਼ ਲਗਾਇਆ ਕਿ ਸੂਬੇ ਦੀ 20 ਸਾਲ ਪੁਰਾਣੀ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਮੁੱਖ ਮੰਤਰੀ ਹੋਸ਼ ਵਿੱਚ ਨਹੀਂ ਹਨ।’’ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਹਰੇਕ ਵਿਭਾਗ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ ਅਤੇ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ; ਇਹ ਚੋਣਾਂ ਸੰਵਿਧਾਨ, ਲੋਕਤੰਤਰ ਤੇ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਹਨ। -ਪੀਟੀਆਈ
ਐੱਨ ਡੀ ਏ ਸਰਕਾਰ ’ਤੇ ਚੋਣ ਵਾਅਦਿਆਂ ਦੀ ਨਕਲ ਕਰਨ ਦਾ ਦੋਸ਼
ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਸੀਮਾਂਚਲ ਖੇਤਰ ਨੂੰ ਲੈ ਕੇ ਕਿਹਾ ਕਿ ਐੱਨ ਡੀ ਏ ਸਰਕਾਰ ਨੇ ਖੇਤਰ ਦੇ ਵਿਕਾਸ ਲਈ ਕੁਝ ਨਹੀਂ ਕੀਤਾ, ‘ਇੰਡੀਆ’ ਗੱਠਜੋੜ ਦੇ ਸੱਤਾ ਵਿੱਚ ਆਉਣ ’ਤੇ ਸੀਮਾਂਚਲ ਵਿਕਾਸ ਅਥਾਰਿਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਐੱਨ ਡੀ ਏ ਸਰਕਾਰ ਉਨ੍ਹਾਂ ਦੇ ਚੋਣ ਵਾਅਦਿਆਂ ਦੀ ਨਕਲ ਕਰ ਰਹੀ ਹੈ। ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ’ਤੇ ਬੁਢਾਪਾ ਪੈਨਸ਼ਨ ਵਧਾ ਕੇ 2000 ਰੁਪਏ ਮਹੀਨਾ ਕੀਤੀ ਜਾਵੇਗੀ।

