ਨਵੀਂ ਦਿੱਲੀ, 6 ਅਗਸਤ
ਕੇਂਦਰ ਨੇ ਅੱਜ ਸੁਪਰੀਮ ਕੋਰਟ ’ਚ ਦੱਸਿਆ ਕਿ ਅਧਿਕਾਰੀਆਂ ਨੇ ਕੁਝ ਵਿਦੇਸ਼ੀਆਂ ਖਿਲਾਫ਼ ਜਾਰੀ ਲੁੱਕ ਆਊਟ ਨੋਟਿਸਾਂ ਨੂੰ ਵਾਪਸ ਲੈ ਲਿਆ ਹੈ। ਤਬਲੀਗੀ ਜਮਾਤ ਦੀਆਂ ਸਰਗਰਮੀਆਂ ’ਚ ਕਥਿਤ ਸ਼ਮੂਲੀਅਤ ਲਈ ਸਰਕਾਰ ਵੱਲੋਂ 35 ਮੁਲਕਾਂ ਦੇ ਕਈ ਨਾਗਰਿਕਾਂ ਨੂੰ ਕਾਲੀ ਸੂਚੀ ’ਚ ਪਾਉਣ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਸੀ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਏ ਐੱਮ ਖਾਨਵਿਲਕਰ ਅਤੇ ਦਿਨੇਸ਼ ਮਹੇਸ਼ਵਰੀ ਦੇ ਬੈਂਚ ਨੂੰ ਦੱਸਿਆ ਕਿ ਪਟੀਸ਼ਨਰ ਭਾਰਤ ਛੱਡ ਕੇ ਜਾਣ ਲਈ ਆਜ਼ਾਦ ਹਨ। ਬੈਂਚ ਨੇ ਕਿਹਾ ਕਿ ਪਟੀਸ਼ਨਰ ਮਦਰਾਸ ਹਾਈ ਕੋਰਟ ’ਚ ਚੱਲ ਰਹੇ ਕੇਸ ’ਚ ਮੁਆਫ਼ੀ ਮੰਗ ਲੈਂਦੇ ਹਨ ਅਤੇ ਸਬੰਧਤ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਭਾਰਤ ਛੱਡ ਕੇ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਉਹ ਆਪਣੇ ਦੇਸ਼ ਪਰਤ ਸਕਦੇ ਹਨ।
-ਪੀਟੀਆਈ