ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਰਣਨੀਤੀ ਬਣਾਉਣ ਅਤੇ ਲੋੜ ਪੈਣ ਉਤੇ ਇਕ ਅਜਿਹਾ ਆਰਡੀਨੈਂਸ ਲਿਆਉਣ ਲਈ ਕਿਹਾ ਹੈ ਜੋ ਮੁਹੱਬਤ ਦੇ ਨਾਂ ਉਤੇ ਧਰਮ ਬਦਲੀ ਨੂੰ ਰੋਕ ਸਕੇ। ਇਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ਉਤੇ ਦੱਸਿਆ ਕਿ ਗੁਜ਼ਰੇ ਸਮੇਂ ਦੌਰਾਨ ਦੇਖਣ ਵਿਚ ਆਇਆ ਹੈ ਕਿ ਔਰਤਾਂ ਦੀ ਪਿਆਰ ਅਤੇ ਵਿਆਹ ਦੇ ਨਾਂ ਉਤੇ ਧਰਮ ਬਦਲੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ’ਤੇ ਜਬਰ-ਜ਼ੁਲਮ ਕੀਤਾ ਜਾਂਦਾ ਹੈ ਤੇ ਕਈ ਵਾਰ ਕਤਲ ਵੀ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਹਦਾਇਤ ਦਿੱਤੀ ਹੈ ਕਿ ਠੋਸ ਰਣਨੀਤੀ ਬਣਾਈ ਜਾਵੇ। ਅਧਿਕਾਰੀ ਨੇ ਦਾਅਵਾ ਕੀਤਾ ਕਿ ਇਹ ਸਭ ਗਿਣੇ-ਮਿੱਥੇ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਇਸ ਨੂੰ ਰੋਕਣ ਲਈ ਜੇ ਲੋੜ ਪਈ ਤਾਂ ਆਰਡੀਨੈਂਸ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਤਵ ਇਸ ਤਰ੍ਹਾਂ ਦੇ ਅਪਰਾਧਾਂ ਨੂੰ ਰੋਕਣਾ ਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਹੈ। -ਪੀਟੀਆਈ