ਗੁਰਬਖਸ਼ਪੁਰੀ
ਤਰਨ ਤਾਰਨ, 18 ਅਗਸਤ
ਪਿਛਲੇ ਦਿਨੀਂ ਪੰਜਾਬ ਦੀਆਂ ਵੱਖ ਵੱਖ ਥਾਵਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੌ ਤੋਂ ਵੱਧ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ’ਚ ਇੱਕ ਹੋਰ ਨੌਜਵਾਨ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਿਲਬਾਗ ਸਿੰਘ (31) ਵਜੋਂ ਹੋਈ ਹੈ।
ਮ੍ਰਿਤਕ ਦੀ ਮਾਂ ਕੁਲਦੀਪ ਕੌਰ ਨੇ ਸਥਾਨਕ ਥਾਣਾ ਸਦਰ ਦੀ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ ਬੀਤੀ ਰਾਤ ਕਿਤੋਂ ਸ਼ਰਾਬ ਪੀ ਕੇ ਘਰ ਆਇਆ ਸੀ। ਉਸ ਨੇ ਘਰ ਆਉਂਦਿਆਂ ਹੀ ਪੇਟ ’ਚ ਦਰਦ ਹੋਣ ਦੀ ਸ਼ਿਕਾਇਤ ਕੀਤੀ ਪਰ ਰਾਤ ਹੋਣ ਕਾਰਨ ਉਹ ਆਪਣੇ ਲੜਕੇ ਨੂੰ ਕਿਤੇ ਲਿਜਾ ਨਾ ਸਕੇ। ਉਨ੍ਹਾਂ ਦੱਸਿਆ ਕਿ ਅਗਲੇ ਦਿਨ ਦੁਪਹਿਰ 12 ਵਜੇ ਦੇ ਕਰੀਬ ਦਿਲਬਾਗ ਸਿੰਘ ਦੇ ਮੁੜ ਪੇਟ ’ਚ ਦਰਦ ਹੋਈ ਤਾਂ ਉਹ ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਲੈ ਗਏ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈੱਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਗਈ। ਥਾਣਾ ਸਦਰ ਦੇ ਸਬ ਇੰਸਪੈਕਟਰ ਪੂਰਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਅਗਲੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਕਾਰਨ ਪਹਿਲਾਂ ਵੀ 94 ਮੌਤਾਂ ਹੋ ਚੁੱਕੀਆਂ ਹਨ ਤੇ ਪੰਜ ਵਿਅਕਤੀਆਂ ਦੀਆਂ ਅੱਖਾਂ ਦੀ ਰੌਸ਼ਨੀ ਜਾਂਦੀ ਰਹੀ ਹੈ।