ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ: CP Radhakrishnan
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਦੱਸਦਿਆਂ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਨੂੰ ਸਿਰਫ਼ ਕਰੀਅਰ ਲਈ ਤਿਆਰ ਕਰਨ ਦੀ ਥਾਂ ਸਮਾਜ ਅਤੇ ਲੋਕਤੰਤਰ ਵਿੱਚ ਸਾਰਥਕ ਯੋਗਦਾਨ ਪਾਉਣ ਦੇ ਕਾਬਲ ਬਣਾਉਣ। ਗੀਤਾਨਗਰ...
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਦੱਸਦਿਆਂ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਨੂੰ ਸਿਰਫ਼ ਕਰੀਅਰ ਲਈ ਤਿਆਰ ਕਰਨ ਦੀ ਥਾਂ ਸਮਾਜ ਅਤੇ ਲੋਕਤੰਤਰ ਵਿੱਚ ਸਾਰਥਕ ਯੋਗਦਾਨ ਪਾਉਣ ਦੇ ਕਾਬਲ ਬਣਾਉਣ। ਗੀਤਾਨਗਰ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਰਾਸ਼ਟਰ ਨਿਰਮਾਣ ਅਤੇ ਸਰਬਪੱਖੀ ਵਿਕਾਸ ਵਿੱਚ ਇਨ੍ਹਾਂ ਸੰਸਥਾਵਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਾਲਜ ਦੀ ਨਵੀਂ ਅਕਾਦਮਿਕ ਇਮਾਰਤ ਦਾ ਵਰਚੁਅਲ ਉਦਘਾਟਨ ਵੀ ਕੀਤਾ।
ਉਪ ਰਾਸ਼ਟਰਪਤੀ ਬਣਨ ਮਗਰੋਂ ਅਸਾਮ ਦੇ ਆਪਣੇ ਪਹਿਲੇ ਦੌਰੇ ਦੌਰਾਨ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਵਿਕਸਤ ਭਾਰਤ ਦੀ ਸਿਰਜਣਾ ਲਈ ਵਿਦਿਅਕ ਅਦਾਰੇ ਅਹਿਮ ਜ਼ਰੀਆ ਹਨ। ਸੰਸਥਾਵਾਂ ਦੀ ਸਫਲਤਾ ਵਿਦਿਆਰਥੀਆਂ ਦੀ ਕਾਮਯਾਬੀ ਤੋਂ ਝਲਕਦੀ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਘਟਾਉਣ ਦੀ ਸਲਾਹ ਦਿੱਤੀ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਏਜੰਡੇ ਵਿੱਚ ਉੱਤਰ ਪੂਰਬ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ। ਉਨ੍ਹਾਂ ਦੀ ਐਕਟ ਈਸਟ ਨੀਤੀ ਅਤੇ ਅਸ਼ਟਲਕਸ਼ਮੀ ਸੰਕਲਪ ਇਸ ਖੇਤਰ ਦੇ ਵਿਕਾਸ ਪ੍ਰਤੀ ਵਚਨਬੱਧਤਾ ਦਰਸਾਉਂਦੇ ਹਨ। ਅਸਾਮ ਦੇ ਸੱਭਿਆਚਾਰ ਬਾਰੇ ਉਨ੍ਹਾਂ ਕਿਹਾ ਕਿ ਇੱਥੋਂ ਦੀ ਚਾਹ ਦੁਨੀਆ ਭਰ ਵਿੱਚ ਮਸ਼ਹੂਰ ਹੈ, ਜਿਸ ਨੂੰ ਉਹ ਖ਼ੁਦ ਵੀ ਪਸੰਦ ਕਰਦੇ ਹਨ। ਅੰਤ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਦੀ ਅਗਵਾਈ ਹੇਠ ਸਿਹਤ, ਸਿੱਖਿਆ ਅਤੇ ਆਫ਼ਤ ਪ੍ਰਬੰਧਨ ਖੇਤਰਾਂ ਵਿੱਚ ਹੋਏ ਬਿਹਤਰੀਨ ਕੰਮਾਂ ਦੀ ਸ਼ਲਾਘਾ ਕੀਤੀ।

