ਵਿਕਸਤ ਭਾਰਤ ਲਈ ਨੌਜਵਾਨ ਅੱਗੇ ਆਉਣ: ਮੁਰਮੂ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਦੇ ਨੌਜਵਾਨਾਂ ਨੂੰ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦੇ ਟੀਚੇ ਵੱਲ ਯੋਗਦਾਨ ਪਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਮੁਰਮੂ ਉਤਰਾਖੰਡ ਦੇ ਤਿੰਨ ਦਿਨਾਂ ਦੌਰੇ ’ਤੇ ਹਨ। ਇੱਥੇ ਨੈਨੀਤਾਲ ਵਿੱਚ ਉਨ੍ਹਾਂ ਕੁਮਾਉੂਂ ਯੂਨੀਵਰਸਿਟੀ ਦੇ 20ਵੇਂ ਕਾਨਵੋਕੇਸ਼ਨ ਸਮਾਗਮ ਵਿੱਚ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਦੁਨੀਆ ਭਰ ’ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਾਲਾ ਦੇਸ਼ ਹੈ। ਇਸ ਲਈ ਸਰਕਾਰ ਕਈ ਪਹਿਲਕਦਮੀਆਂ ਕਰ ਰਹੀ ਹੈ, ਇਹ ਪਹਿਲਕਦਮੀਆਂ ਨੌਜਵਾਨਾਂ ਦੇ ਵਿਕਾਸ ਲਈ ਕਈ ਮੌਕੇ ਪੈਦਾ ਕਰ ਰਹੀਆਂ ਹਨ। ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਨੂੰ ਨੌਜਵਾਨਾਂ ਦਾ ਹੌਸਲਾ ਵਧਾਉਣ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ। ਸਿੱਖਿਆ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾ ਹੋਣ ਨਾਤੇ, ਕੁਮਾਊਂ ਯੂਨੀਵਰਸਿਟੀ ਦੀਆਂ ਕੁਝ ਸਮਾਜਿਕ ਜ਼ਿੰਮੇਵਾਰੀਆਂ ਵੀ ਹਨ। ਇਸ ਦੌਰਾਨ ਉਨ੍ਹਾਂ ਯੂਨੀਵਰਸਿਟੀ ਦੀ ਫੈਕਲਟੀ ਤੇ ਵਿਦਿਆਰਥੀਆਂ ਨੂੰ ਨੇੜਲੇ ਪਿੰਡਾਂ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਦੇਖਣ ਤੇ ਸਮਝਣ ਮਗਰੋਂ ਹੱਲ ਦੀ ਅਪੀਲ ਕੀਤੀ।
