ਕੌਮੀ ਲੋਕ ਅਦਾਲਤ ’ਚ 47 ਬੈਂਚਾਂ ਨੇ 19247 ਕੇਸਾਂ ਦਾ ਨਿਬੇੜਾ
ਇਸ ਮੌਕੇ ਜ਼ਿਲ੍ਹਾ ਪਟਿਆਲਾ ਵਿੱਚ 47 ਬੈਂਚਾਂ (28 ਪਟਿਆਲਾ ਵਿੱਚ, 6 ਰਾਜਪੁਰਾ ਵਿੱਚ, 5 ਨਾਭਾ ਵਿੱਚ ਅਤੇ 6 ਸਮਾਣਾ ਵਿੱਚ) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਨਾਲ ਸਬੰਧਿਤ ਵੱਧ ਤੋਂ ਵੱਧ ਕੇਸਾਂ ਦੇ ਨਿਬੇੜੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਬੇੜਾ ਕਰਨ ਲਈ ਮਹਿਲਾ ਸੈੱਲ, ਪਟਿਆਲਾ ਵਿੱਚ ਇੱਕ ਬੈਂਚ ਦਾ ਗਠਨ ਵੀ ਕੀਤਾ ਗਿਆ। ਇਸ ਤਰ੍ਹਾਂ ਜ਼ਿਲ੍ਹਾ ਪਟਿਆਲਾ ਵਿੱਚ 47 ਨੈਸ਼ਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 36230 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 19247 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ ਕੀਤਾ ਗਿਆ ਅਤੇ 777816506/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਹਰਜੀਤ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਨੇ ਮੈਡਮ ਅਮਨਦੀਪ ਕੰਬੋਜ, ਸੀਜੇਐੱਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਟਿਆਲਾ ਅਤੇ ਏਕਤਾ ਸਹੋਤਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫ਼ਾਇਦਿਆਂ ਬਾਰੇ ਚਾਨਣਾ ਪਾਇਆ।
ਇਸ ਨੈਸ਼ਨਲ ਲੋਕ ਅਦਾਲਤ ਦੀ ਮੁੱਖ ਵਿਸ਼ੇਸ਼ਤਾ ਪਰਿਵਾਰਕ ਅਦਾਲਤਾਂ ਵਿੱਚ ਪੈਂਡਿੰਗ 117 ਪਰਿਵਾਰਕ ਝਗੜਿਆਂ ਅਤੇ ਚੈੱਕ ਬਾਊਂਸ ਮਾਮਲਿਆਂ ਦੀ ਆਪਸੀ ਸਹਿਮਤੀ ਨਾਲ ਨਿਬੇੜਾ ਸੀ, ਚੈੱਕ ਬਾਊਂਸ ਕੇਸਾਂ ਵਿੱਚ ਕੁੱਲ ਰਕਮ 1,70,46,648 ਰੁਪਏ ਦੇ ਐਵਾਰਡ ਪਾਸ ਕੀਤੇ ਗਏ।