ਪੱਤਰ ਪ੍ਰੇਰਕ
ਸੰਗਰੂਰ, 24 ਅਕਤੂਬਰ
ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁਲਾਜ਼ਮਾਂ ਦੇ ਪੰਜਾਬ-ਯੂਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਨੇ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਮੰਗਾਂ ਦੇ ਹੱਲ ਲਈ 6 ਅਕਤੂਬਰ ਤੋਂ ਮੋਰਚਾ ਲਗਾਇਆ ਹੋਇਆ ਹੈ| ਇਸ ਮੌਕੇ ਵਰਦੇ ਮੀਂਹ ਵਿਚ ਪੰਜਾਬ ਸੂਬਾਰਡੀਨੇਟ ਸਰਵਿਸ ਫ਼ੈਡਰੇਸ਼ਨ 1680 ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਕਰਤਾਰ ਪਾਲ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ ਯੂਨੀਅਨ ਪੰਜਾਬ ਨੇ ਆਪਣੇ ਸੂਬਾਈਆਂ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਅਵਤਾਰ ਸਿੰਘ ਗੰਢੂਆਂ ਦੀ ਅਗਵਾਈ ਵਿਚ ਪਹੁੰਚ ਕੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ| ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਤੋਂ ਮੁੱਖ ਮੋੜੀ ਬੈਠੀ ਹੈ| ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਬਾਬਤ ਕੁਝ ਨਹੀਂ ਕੀਤਾ ਅਤੇ ਹੁਣ ਵੀ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਵੀ ਕੋਈ ਫ਼ਰਕ ਨਹੀਂ ਪਿਆ| ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਜਥੇਬੰਦੀ ਆਗੂਆਂ ਨੂੰ ਮੁੱਖ ਸਕੱਤਰ ਪੰਜਾਬ ਅਤੇ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਮੀਟਿੰਗ ਲਈ ਬੁਲਾਇਆ ਹੈ ਅਤੇ ਜੇਕਰ ਇਸ ਦੌਰਾਨ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ ਇਹ ਮੋਰਚਾ ਸਾਰੇ ਕੈਬਿਨਟ ਮੰਤਰੀਆਂ ਦੀ ਰਿਹਾਇਸ਼ ਤੱਕ ਵੱਧ ਸਕਦਾ ਹੈ|