ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 30 ਦਸੰਬਰ
ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਕਿਸੇ ਰਾਜਸੀ ਪਾਰਟੀ ਜਾਂ ਵਿਅਕਤੀ ਨੇ ਅਰਵਿੰਦ ਕੇਜਰੀਵਾਲ, ਬਿਕਰਮ ਸਿੰਘ ਮਜੀਠੀਆ ਅਤੇ ਭਗਵੰਤ ਮਾਨ ਦੀਆਂ ਫੋਟੋਆਂ ਸਮੇਤ ਆਮ ਆਦਮੀ ਪਾਰਟੀ ਦੇ ਬਾਈਕਾਟ ਦੇ ਪੋਸਟਰ ਚਿਪਕਾ ਦਿੱਤੇ ਹਨ। ਪੋਸਟਰ ਦੇ ਸ਼ੁਰੂਆਤ ਵਿੱਚ ਲਿਖਿਆ ਹੈ ਕਿ ਕੇਜਰੀਵਾਲ ਵੱਲੋਂ ਨਸ਼ੇ ਦੇ ਸੌਦਾਗਰ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਗਈ, ਇਸ ਕਰਕੇ ਅਸੀਂ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਦੇ ਹਾਂ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫ਼ੋਟੋ, ਉਸ ਤੋਂ ਥੱਲੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਫ਼ੋਟੋ ਤੇ ਸਭ ਤੋਂ ਹੇਠਾਂ ਆਪ ਆਗੂ ਭਗਵੰਤ ਮਾਨ ਦੀ ਫ਼ੋਟੋ ਲਗਾਈ ਗਈ ਹੈ। ਪੋਸਟਰ ’ਚ ਉਹ ਮਾਫ਼ੀਨਾਮਾ ਵੀ ਛਾਪਿਆ ਗਿਆ ਹੈ ਜੋ ਕੇਜਰੀਵਾਲ ਵੱਲੋਂ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ। ਪੋਸਟਰ ’ਚ ਸਭ ਤੋਂ ਅਹਿਮ ਗੱਲ ਇਹ ਹੈ ਕਿ ਇਸ ਦੇ ਹੇਠਾਂ ਜਾਰੀ ਕਰਤਾ (ਵੱਲੋਂ) ਆਮ ਆਦਮੀ ਪਾਰਟੀ ਵਾਲੰਟੀਅਰ ਪੰਜਾਬ ਲਿਖਿਆ ਗਿਆ ਹੈ। ਇਨ੍ਹਾਂ ਪੋਸਟਰਾਂ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਨਿਗਮ ਦੀਆਂ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਰਿਕਾਰਡ ਜਿੱਤ ਨਾਲ ਕਾਂਗਰਸ, ਅਕਾਲੀ ਦਲ ਅਤੇ ਹੋਰ ਪਾਰਟੀਆਂ ਬੁਖਲਾਹਟ ਵਿੱਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਪਸ ਵਿੱਚ ਰਲ਼ੇ ਹੋਏ ਹਨ ਅਤੇ ਉਹ ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਅਜਿਹੇ ਹੋਛੇ ਹੱਥਕੰਡੇ ਵਰਤ ਰਹੇ ਹਨ ਪਰ ਲੋਕ ਸਿਆਣੇ ਹੋ ਚੁੱਕੇ ਹਨ ਅਤੇ ਸਭ ਕੁਝ ਜਾਣਦੇ ਹਨ।