AAP Shukrana Yatra: ਪਟਿਆਲਾ ਤੋਂ ਸ਼ੁਰੂ ਹੋਈ ‘ਆਪ’ ਦੀ ਸ਼ੁਕਰਾਨਾ ਯਾਤਰਾ
AAP Shukrana Yatra begins from Patiala; ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੀਨੀਅਰ ਆਗੂ ਸ੍ਰੀ ਕਾਲੀ ਦੇਵੀ ਮੰਦਰ ਹੋਏ ਨਤਮਸਤਕ
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਨਵੰਬਰ
AAP Shukrana Yatra: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰੈਜ਼ੀਡੈਂਟ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਅੱਜ ਪਟਿਆਲਾ ਤੋਂ ਆਰੰਭ ਹੋਈ। ਇਸ ਦੌਰਾਨ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਥੇ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ।
ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਚੀਮਾ, ਹਰਜੋਤ ਬੈਂਸ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਕਈ ਹੋਰ ਐਮਐਲਏ ਵੀ ਮੌਜੂਦ ਸਨ।
ਗ਼ੌਰਤਲਬ ਹੈ ਕਿ ‘ਆਪ’ ਨੇ ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿੱਲੀ ਵੱਡੀ ਜਿੱਤ ਅਤੇ ਸੂਬੇ ’ਚ ਪਾਰਟੀ ਨੂੰ ਨਵਾਂ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਮਿਲਣ ਦੇ ਮੱਦੇਨਜ਼ਰ ਪੰਜਾਬ ਭਰ ’ਚ ਇਹ ਸ਼ੁਕਰਾਨਾ ਯਾਤਰਾ ਕਰਨ ਦਾ ਫ਼ੈਸਲਾ ਕੀਤਾ ਹੈ। ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਇਹ ਯਾਤਰਾ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਰ ਤੋਂ ਹੁੰਦੇ ਹੋਏ ਸ੍ਰੀ ਰਾਮ ਤੀਰਥ ਮੰਦਰ ਵਿਖੇ ਸਮਾਪਤ ਹੋਵੇਗੀ।
ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬੀਤੇ ਦਿਨ ਦੱਸਿਆ ਸੀ ਕਿ ਯਾਤਰਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਫਿਲੌਰ, ਫਗਵਾੜਾ, ਜਲੰਧਰ ਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਦਰਬਾਰ ਸਾਹਿਬ ਪਹੁੰਚੇਗੀ। ਦੁਰਗਿਆਣਾ ਮੰਦਰ ’ਚ ਜਾਣ ਤੋਂ ਬਾਅਦ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਮਾਲਵੇ, ਮਾਝੇ ਤੇ ਦੋਆਬੇ ਦੇ ਲੋਕਾਂ ਨੇ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ। ਇਸੇ ਕਰਕੇ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਦਿੱਤਾ ਹੈ। ਇਸ ਦੇ ਨਾਲ ਹੀ ਸਿਆਸਤ ਵਿੱਚ ‘ਹੰਕਾਰ ਕਰਨ’ ਵਾਲਿਆਂ ਨੂੰ ਸਬਕ ਸਿਖਾਇਆ ਹੈ।
Advertisement
×