ਖੇਤਰੀ ਪ੍ਰਤੀਨਿਧ
ਪਟਿਆਲਾ, 29 ਜੂਨ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਨੇ ਪਟਿਆਲਾ ਜ਼ਿਲ੍ਹੇ ’ਚ ਸੁਚਾਰੂ ਆਵਾਜਾਈ ਲਈ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਂਦਿਆਂ ਆਵਾਜਾਈ ਨੇਮਾਂ ਦੀ ਪਾਲਣਾ ਕਰ ਕੇ ਟਰੈਫਿਕ ਪੁਲੀਸ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਸੁਰੱਖਿਅਤ ਸੜਕ ਆਵਾਜਾਈ ਲਈ ਐਕਸ਼ਨ ਪਲਾਨ ਬਣਾਇਆ ਜਾਵੇਗਾ, ਜਿਸ ਲਈ ਰੋਡ ਸੇਫ਼ਟੀ ਇੰਜੀਨੀਅਰ ਅਤੇ ਟਰੈਫਿਕ ਪੁਲੀਸ ਵੱਲੋਂ ਸਬੰਧਤ ਵਿਭਾਗਾਂ ਦੀ ਮਦਦ ਲਈ ਜਾਵੇਗੀ।
ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਗੌਤਮ ਜੈਨ ਨੇ ਸ਼ਹਿਰ ’ਚ ਨਾਜਾਇਜ਼ ਤੌਰ ’ਤੇ ਲੱਗੇ ਪੋਸਟਰ ਤੇ ਹੋਰਡਿੰਗ ਉਤਾਰਨ ਸਮੇਤ ਪ੍ਰਾਪਰਟੀ ਡੀਫੇਸਮੈਂਟ ਐਕਟ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਕਾਰਵਾਈ ਕਰਨ ਲਈ ਵੀ ਆਖਿਆ।
ਏਡੀਸੀ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ‘ਸੇਫ਼ ਸਕੂਲ ਵਾਹਨ ਸਕੀਮ’ ਤਹਿਤ ਸਕੂਲਾਂ ਬੱਸਾਂ ਦੀ ਲਗਾਤਾਰ ਚੈਕਿੰਗ ਦੀ ਹਦਾਇਤ ਕੀਤੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕਾਂ ਦਾ ਸੁਰੱਖਿਆ ਦੇ ਲਿਹਾਜ਼ ਨਾਲ ਆਡਿਟ ਕਰਨ ਤੇ ਦੁਰਘਟਨਾਗ੍ਰਸਤ ਖੇਤਰਾਂ ਦੀ ਪਛਾਣ ਕਰ ਕੇ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਏਡੀਸੀ ਗੌਤਮ ਜੈਨ ਨੇ ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਐਚ.ਪੀ.ਐਸ. ਲਾਂਬਾ ਅਤੇ ਰਵੀ ਆਹਲੂਵਾਲੀਆ ਵੱਲੋਂ ਉਠਾਏ ਮੁੱਦਿਆਂ ’ਤੇ ਤੁਰੰਤ ਅਮਲ ਕਰਨ ਦਾ ਭਰੋਸਾ ਦਿੰਦਿਆਂ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਆਦੇਸ਼ ਮੌਕੇ ’ਤੇ ਜਾਰੀ ਕੀਤੇ। ਮੀਟਿੰਗ ’ਚ ਸੜਕ ਸੁਰੱਖਿਆ ਦੇ ਮੁੱਦੇ ਸਮੇਤ ਸੜਕਾਂ ਨੂੰ ਹਾਦਸਾ ਮੁਕਤ ਬਣਾਉਣ ਸਮੇਤ ਸੁਚਾਰੂ ਆਵਾਜਾਈ ਲਈ ਗੰਭੀਰ ਵਿਚਾਰ-ਵਟਾਂਦਰਾ ਹੋਇਆ।
ਟਰੈਫਿਕ ਪੁਲੀਸ ਨੂੰ ਆਵਾਜਾਈ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਏਡੀਸੀ ਨੇ ਟਰੈਫਿਕ ਪੁਲੀਸ ਨੂੰ ਸੁਰੱਖਿਅਤ ਆਵਾਜਾਈ ਲਈ ਆਵਾਜਾਈ ਨਿਯਮਾਂ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਸੀਟ ਬੈਲਟ ਤੇ ਹੈਲਮੈਟ ਨਾ ਪਾਉਣ ਵਾਲਿਆਂ ਅਤੇ ਵਾਹਨਾਂ ’ਤੇ ਪ੍ਰੈਸ਼ਰ ਹਾਰਨ ਤੇ ਤੇਜ਼ ਚਾਈਨੀਜ਼ ਲਾਈਟਾਂ ਲਾਉਣ ਵਿਰੁੱਧ ਸਖ਼ਤੀ ਵਰਤਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਗ਼ਲਤ ਪਾਰਕਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਜਦਕਿ ਨਿਗਮ ਅਧਿਕਾਰੀਆਂ ਨੂੰ ਸੜਕਾਂ ਕਿਨਾਰਿਓਂ ਨਾਜਾਇਜ਼ ਕਬਜ਼ੇ ਤੇ ਖੜ੍ਹਦੀਆਂ ਰੇਹੜੀਆਂ ਨੂੰ ਹਟਾਉਣ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਲਈ ਆਖਿਆ।