ਖੇਤਰੀ ਪ੍ਰਤੀਨਿਧ
ਪਟਿਆਲਾ, 29 ਜੂਨ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਪਰਵਿੰਦਰਪਾਲ ਕੌਰ ਨੇ ਮਠਿਆਈ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਫੂਡ ਸੇਫਟੀ ਤਹਿਤ ਮਠਿਆਇਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਵਿਕਰੀ ਲਈ ਪਈਆਂ ਖੁੱਲ੍ਹੀਆਂ ਮਠਿਆਈਆਂ ਕਦੋਂ ਤਕ ਖਾਣਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉੱਤੇ ਇਸ ਤਾਰੀਖ਼ ਤੋਂ ਪਹਿਲਾਂ ਖਾਣਯੋਗ ਵਾਲੀ ਪਰਚੀ ਲਗਾਉਣੀ ਪਵੇਗੀ। ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰਦੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਦੁਕਾਨਦਾਰਾਂ ਨੂੰ ਮਠਿਆਈ ਵਾਲੀ ਹਰ ਟਰੇਅ ਅੱਗੇ ਪਰਚੀ ਲਾ ਕੇ ਦਰਸਾਉਣਾ ਪਵੇਗਾ ਤਾਂ ਕਿ ਗ੍ਰਾਹਕਾਂ ਨੂੰ ਪਤਾ ਲੱਗੇ ਵੀ ਮਠਿਆਈ ਕਿਹੜੀ ਤਾਰੀਕ ਤੱਕ ਖਾਧੀ ਜਾ ਸਕਦੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਇੱਕ ਜੁਲਾਈ ਤੱਕ ਇਸ ਨਿਯਮ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇੱਕ ਜੁਲਾਈ ਤੋਂ ਬਾਅਦ ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਫੂਡ ਸੇਫਟੀ ਸਟੈਡਰਡਜ਼ ਐਂਡ ਰੈਗੂਲੇਸ਼ਨ ਐਕਟ ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਸਬੰਧਤ ਵਿਅਕਤੀ ਲਈ ਸ਼ੁੱਧ ਮਿਲਾਵਟ ਰਹਿਤ ਅਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਲਈ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਕੋਲੋ ਰਜਿਸਟਰੇਸ਼ਨ ਜਾਂ ਲਾਇਸੈਂਸ ਜ਼ਰੂਰੀ ਹੈ।