ਖੇਤਰੀ ਪ੍ਰ੍ਰਤੀਨਿਧ
ਪਟਿਆਲਾ, 6 ਅਪਰੈਲ
ਇੱਥੋਂ ਦੇ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਮਦ ਦੇ 24 ਘੰਟਿਆਂ ’ਚ ਕਣਕ ਦੀ ਖਰੀਦ ਅਤੇ ਨਾਲੋ-ਨਾਾਲ ਲਿਫਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪਟਿਆਲਾ ਸਮੇਤ ਘਨੌਰ ਤੇ ਰਾਜਪੁਰਾ ਦੀਆਂ ਅਨਾਜ ਮੰਡੀਆਂ ਦਾ ਵੀ ਦੌਰਾ ਕੀਤਾ। ਇਸ ਮੌਕੇ ਪਟਿਆਲਾ ਤੇ ਰਾਜਪੁਰਾ ਦੇ ਐੱਸਡੀਐੱਮ, ਡੀਐੱਫਐੱਸਸੀ ਗੁਰਪ੍ਰੀਤ ਸਿੰਘ ਕੰਗ, ਡੀਐੱਮਓ ਅਜੈਪਾਲ ਸਿੰਘ ਬਰਾੜ ਸਮੇਤ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਏ ਅਤੇ ਕਿਸਾਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾਲੋ-ਨਾਲ ਜੇ ਫਾਰਮ ਆਨਲਾਈਨ ਜਾਰੀ ਕੀਤੇ ਜਾਣ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਅਨਾਜ ਮੰਡੀ ਧੂਰੀ ਦਾ ਦੌਰਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਸਮੇਂ ਸਮੇਂ ’ਤੇ ਮੰਡੀਆਂ ਦਾ ਜਾਇਜ਼ਾ ਲਿਆ ਜਾਵੇ ਅਤੇ ਰੋਜ਼ਾਨਾ ਮੀਟਿੰਗ ਕਰਕੇ ਸਮੱਸਿਆ ਦਾ ਢੁਕਵਾਂ ਹੱਲ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਖਰੀਦ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ ਕੀਤੀ।
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਅਤੇ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਰਕੀਟ ਕਮੇਟੀ ਦੇ ਸਥਾਨਕ ਦਫ਼ਤਰ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦਾ ਉਚਿਤ ਮੁੱਲ ਲੈਣ ਲਈ ਫ਼ਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ। ਦੋਵਾਂ ਵਿਧਾਇਕਾਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਅੱਜ ਅਨਾਜ ਮੰਡੀ ਵਿੱਚ ਵਿਧਾਇਕ ਬਰਿੰਦਰ ਗੋਇਲ ਨੇ ਕਣਕ ਦੀ ਸਰਕਾਰੀ ਖਰੀਦ ਨੂੰ ਰਸਮੀ ਤੌਰ ’ਤੇ ਸ਼ੁਰੂ ਕਰਵਾਇਆ। ਭਾਵੇਂ ਕਣਕ ਦੀ ਪਹਿਲੀ ਢੇਰੀ ਮੰਗਲਵਾਰ ਨੂੰ ਆ ਗਈ ਸੀ ਪਰ ਖਰੀਦ ਅੱਜ ਸ਼ੁਰੂ ਹੋਈ।
ਖਨੌਰੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਗੋਇਲ ਵੱਲੋਂ ਅੱਜ ਅਨਾਜ ਮੰਡੀ ਖਨੌਰੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।