ਗੁਰਪ੍ਰੀਤ ਸਿੰਘ
ਘਨੌਰ, 13 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦੇਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ ’ਤੇ ਹਲਕਾ ਘਨੌਰ ਦੇ ਸ਼ੰਭੂ ਬੈਰੀਅਰ ’ਤੇ 14 ਦਸੰਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਸਮੁੱਚੀ ਲੀਡਰਸ਼ਿਪ ਪੱਬਾਂ ਭਾਰ ਹੋ ਗਈ ਹੈ। ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਕਸਬਾ ਘਨੌਰ ਵਿਚ ਹਲਕੇ ਦੇ ਸਮੂਹ ਪਾਰਟੀ ਆਗੂਆਂ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਜ਼ਿਲ੍ਹਾ ਪਰਿਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ, ਹਰਸੰਗਤ ਸਿੰਘ ਤਖਤੂਮਾਜਰਾ ਅਤੇ ਹਰਵਿੰਦਰ ਸਿੰਘ ਕਾਮੀਂ ਸਮੇਤ ਹੋਰਨਾਂ ਨਾਲ ਤਿਆਰੀ ਮੀਟਿੰਗ ਕੀਤੀ ਗਈ। ਸ੍ਰੀ ਜਲਾਲਪੁਰ ਨੇ ਕਿਹਾ ਕਿ ਪੰਜਾਬੀਆਂ ਦੀ ਦਲੇਰੀ ਅਤੇ ਹੱਲਾਸ਼ੇਰੀ ਸਦਕਾ ਕਿਸਾਨ ਸੰਘਰਸ਼ ਹੁਣ ਪੂਰੇ ਸਿਖਰ ’ਤੇ ਹੈ। ਇਸ ਲਈ ਹੁਣ ਉਹ ਦਿਨ ਦੂਰ ਨਹੀਂ ਜਦੋਂ ਮੋਦੀ ਸਰਕਾਰ ਨੂੰ ਕਿਸਾਨੀ ਸੰਘਰਸ਼ ਅੱਗੇ ਗੋਡੇ ਟੇਕ ਕੇ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਪੰਜਾਬ ਕਾਂਗਰਸ ਸੰਘਰਸ਼ਸ਼ੀਲ ਕਿਸਾਨਾਂ ਦੇ ਨਾਲ ਹੈ।
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਇੱਥੋਂ ਦੀ ਸ਼ਹੀਦ ਭਗਤ ਸਿੰਘ ਕਾਲੋਨੀ ਵਿੱਚ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਰਾਜਪੁਰਾ ਦੇ ਪਾਰਟੀ ਅਹੁਦੇਦਾਰਾਂ, ਸਰਪੰਚਾਂ, ਪੰਚਾਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਜਿਸ ਵਿੱਚ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਸਰਬਜੀਤ ਸਿੰਘ ਮਾਣਕਪੁਰ ਅਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਸਮਾਂ ਸਮੇਤ ਹੋਰਨਾਂ ਆਗੁੂਆਂ ਨੇ ਭਾਗ ਲਿਆ। ਵਿਧਾਇਕ ਕੰਬੋਜ ਨੇ ਕਿਹਾ ਕਿ ਕਾਂਗਰਸੀ ਕਾਰਕੁਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਧਰਨੇ ਵਿੱਚ ਹਰੇਕ ਪਿੰਡ ਵਿੱਚੋਂ ਦੋ ਦੋ ਟਰੈਕਟਰ-ਟਰਾਲੀਆਂ ਨਾਲ ਸ਼ਮੂਲੀਅਤ ਕਰਨ।