ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 22 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਨਵੇਂ ਚਿਹਰੇ ਮੁਹੰਮਦ ਯੂਨਸ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਦੱਸਣਯੋਗ ਹੈ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਥੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਦੇ ਉਮੀਦਵਾਰ ਮੁਹੰਮਦ ਓਵੈਸ, ਜੋ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ਰਜ਼ੀਆ ਸੁਲਤਾਨਾ ਤੋਂ ਚੋਣ ਹਾਰ ਗਏ ਸਨ, ਦੀ ਰਿਹਾਇਸ਼ ‘ਤੇ ਪੁੱਜੇ ਸਨ ਤੇ ਕਰੀਬ ਅੱਧਾ ਘੰਟਾ ਮੁਹੰਮਦ ਓਵੈਸ ਨਾਲ ਬੈਠਕ ਕੀਤੀ ਸੀ। ਵਿਧਾਨ ਸਭਾ ਚੋਣ ਲਈ ਐਲਾਨਿਆ ਉਮੀਦਵਾਰ ਮੁਹੰਮਦ ਯੂਨਸ, 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜ ਚੁੱਕੇ ਮੁਹੰਮਦ ਓਵੈਸ ਦੇ ਕਾਰੋਬਾਰੀ ਅਦਾਰੇ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਹਨ।