ਪੱਤਰ ਪ੍ਰੇਰਕ
ਰਾਜਪੁਰਾ, 30 ਸਤੰਬਰ
ਨਵੇਂ ਖੇਤੀ ਕਾਨੁੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਦੇ ਪਰਵੇਸ਼ ਦੁਆਰ ਸ਼ੰਭੂ ਬੈਰੀਅਰ ’ਤੇ ਪਾਰਟੀ ਆਗੂਆਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਵਰਿੰਦਰ ਸਿੰਘ ਸੇਖੋਂ, ਲਖਵੀਰ ਸਿੰਘ ਅਮਲੋਹ, ਬਲਵਿੰਦਰ ਸਿੰਘ ਡਾਹਰੀਆ, ਸਮਸ਼ੇਰ ਸਿੰਘ, ਜਗਜੀਤ ਸਿੰਘ ਖਾਲਸਾ ਰਾਜਪੁਰਾ ਅਤੇ ਰਣਬੀਰ ਸਿੰਘ ਹਰਪਾਲਪੁਰ ਦੀ ਅਗਵਾਈ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਰੋਸ ਧਰਨਾ ਆਰੰਭ ਕਰ ਦਿੱਤਾ ਗਿਆ ਹੈ।
ਧਰਨਾਕਾਰੀਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਕਰਨੈਲ ਸਿੰਘ ਤੇ ਜਸਕਰਨ ਸਿੰਘ ਕਾਹਨ ਵਾਲਾ ਸਿੰਘ ਸਮੇਤ ਹੋਰ ਆਗੂਆਂ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਹੋਰਨਾਂ ਕਾਰੋਬਾਰੀਆਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਮੋਦੀ ਸਰਕਾਰ ਵੱਲੋਂ ਅਡਾਨੀਆਂ, ਅੰਬਾਨੀਆਂ ਆਦਿ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕੀਤਾ ਜਾ ਰਿਹਾ ਹੈ। ਪਾਰਟੀ ਆਗੂਆਂ ਨੇ ਆਖਿਆ ਕਿ ਇਨ੍ਹਾਂ ਕਾਲੇ ਖੇਤੀ ਕਾਨੁੂੰਨਾਂ ਦੇ ਲਾਗੂ ਹੋਣ ਨਾਲ ਪੰਜਾਬ ਦਾ ਕਿਸਾਨ ਤਬਾਹ ਹੋ ਜਾਵੇਗਾ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਇਹ ਕਾਲੇ ਖੇਤੀ ਕਾਨੁੂੰਨ ਰੱਦ ਕਰਵਾਉਣ ਲਈ ਤਿੱਖਾ ਸੰਘਰਸ਼ ਕਰੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਖੇਤੀ ਕਾਨੁੂੰਨਾਂ ਤੇ ਬਿਜਲੀ ਸੋਧ ਐਕਟ-2020 ਨੂੰ ਤੁਰੰਤ ਰੱਦ ਕੀਤਾ ਜਾਵੇ, ਤਾਂ ਜੋ ਪੰਜਾਬ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦੇ ਮਾਰੂ ਪ੍ਰਭਾਵ ਤੋਂ ਬਚਾਇਆ ਜਾ ਸਕੇ।