ਅਕਾਲੀ ਦਲ ਬਾਦਲ ਦਲ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਤਿੰਨ ਹਲਕਾ ਇੰਚਾਰਜ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਤਿੰਨ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਇਸ ਐਲਾਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਸੁਰਜੀਤ ਸਿੰਘ ਗੜੀ ਨੂੰ ਰਾਜਪੁਰਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ। ਇਥੋਂ ਪਿਛਲੀ ਵਾਰ ਸੁਖਬੀਰ ਬਾਦਲ ਦੇ ਕਰੀਬੀ ਚਰਨਜੀਤ ਬਰਾੜ ਬਾਦਲ ਦਲ ਦੀ ਟਿਕਟ 'ਤੇ ਚੋਣ ਲੜੇ ਸਨ, ਪਰੰਤੂ ਹੁਣ ਉਹ ਬਾਦਲ ਵਿਰੋਧੀ ਖੇਮੇ ਵਿੱਚ ਸ਼ੁਮਾਰ ਹਨ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਘਨੌਰ ਤੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਇੰਚਾਰਜ ਲਾਇਆ ਗਿਆ। ਪਿਛਲੀ ਵਾਰ ਇੱਥੋਂ ਪਾਰਟੀ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਅਕਾਲੀ ਦਲ ਦੇ ਉਮੀਦਵਾਰ ਸਨ, ਜਦ ਕਿ ਹੁਣ ਉਹ ਬਾਦਲ ਵਿਰੋਧੀ ਖੇਮੇ ਦੇ ਸਿਰਕੱਢ ਨੇਤਾ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਮਰਹੂਮ ਮੈਂਬਰ ਨਿਰਮਲ ਸਿੰਘ ਹਰਿਆਊ ਦੇ ਭਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਇੱਥੇ ਪਹਿਲਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਨ ਤੇ ਇੱਥੋਂ ਉਹ ਵਿਧਾਇਕ ਵੀ ਰਹਿ ਚੁੱਕੇ ਹਨ।
