Akali Dal Youth Protest in Patiala: ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਖੇਤੀਬਾੜੀ ਸਬੰਧੀ ਮੋਟਰਾਂ ਲਈ ਰੋਜ਼ਾਨਾ ਘੱਟੋ-ਘੱਟ ਅੱਠ ਘੰਟੇ ਬਿਜਲੀ ਯਕੀਨੀ ਬਣਾਉਣ ਦੀ ਮੰਗ ਲਈ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਪਾਵਰਕੌਮ ਦਫ਼ਤਰ ਦੇ ਘਨੌਰ ਸਥਿਤ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ...
ਖੇਤੀਬਾੜੀ ਸਬੰਧੀ ਮੋਟਰਾਂ ਲਈ ਰੋਜ਼ਾਨਾ ਘੱਟੋ-ਘੱਟ ਅੱਠ ਘੰਟੇ ਬਿਜਲੀ ਯਕੀਨੀ ਬਣਾਉਣ ਦੀ ਮੰਗ ਲਈ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਪਾਵਰਕੌਮ ਦਫ਼ਤਰ ਦੇ ਘਨੌਰ ਸਥਿਤ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਸਮੇਤ ਇਲਾਕੇ ਦੇ ਕੁਝ ਕਿਸਾਨਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਦਾ ਪੁਤਲਾ ਵੀ ਸਾੜਿਆ ਗਿਆ।
ਸ੍ਰੀ ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ਼ਤਿਹਾਰਾਂ ਰਾਹੀਂ ਦਾਅਵੇ ਕਰ ਰਹੀ ਹੈ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ, ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪਿੰਡਾਂ ਵਿੱਚ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਸੁੱਕਣ ਕੰਢੇ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਜਾਈ ਲਈ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਪਾਵਰਕੌਮ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਤੁਰੰਤ ਬਹਾਲ ਕਰਦਿਆਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਨਾ ਦਿੱਤੀ ਗਈ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਨਿਰਵਿਘਨ ਬਿਜਲੀ ਸਪਲਾਈ ਸਬੰਧੀ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਹੈ ਤਾਂ ਉਹ ਵਿਧਾਇਕਾਂ ਦੇ ਘਰਾਂ ਬਾਹਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਤੇ ਹੋਰਾਂ ਨੇ ਵੀ ਸ਼ਿਰਕਤ ਕੀਤੀ।
