ਰਵੇਲ ਸਿੰਘ ਭਿੰਡਰ
ਪਟਿਆਲਾ, 24 ਜੁਲਾਈ
ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਵਿਚ ਵਪਾਰ ਤੇ ਉਦਯੋਗ ਖੇਤਰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਤੇ ਉਦਯੋਗ ਸੈੱਲ ਦੇ ਪ੍ਰਧਾਨ ਐੱਨਕੇ ਸ਼ਰਮਾ ਨੇ ਕੀਤਾ ਹੈ। ਅੱਜ ਇਥੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਵੱਲੋਂ ਰੱਖੀ ਗਈ ਵਪਾਰੀਆਂ ਤੇ ਉਦਯੋਗਪਤੀਆਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਪੰਜਾਬ ਲਈ ਕਾਂਗਰਸ ਦਾ ਨਾਂ ਹੀ ਬਹੁਤ ਮਾੜਾ ਹੈ। ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਦਾ ਵਾਅਦਾ ਕਰ ਕੇ ਉਦਯੋਗਪਤੀਆਂ ਨੂੰ 12 ਤੋਂ 18 ਰੁਪਏ ਪ੍ਰਤੀ ਯੂਨਿਟ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਸ਼ਰਮਾ ਨੇ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਪੰਜਾਬ ਬਿਜਲੀ ਸਰਪਲੱਸ ਸੂਬਾ ਬਣਿਆ ਬਲਕਿ ਚੰਗੀਆਂ ਉਦਯੋਗ ਤੇ ਵਪਾਰ ਪੱਖੀ ਨੀਤੀਆਂ ਦੀ ਬਦੌਲਤ ਹਜ਼ਾਰਾਂ ਕਰੋੜਾਂ ਰੁਪਏ ਦਾ ਨਿਵੇਸ਼ ਪੰਜਾਬ ਵਿਚ ਆਇਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਤੇ ਹਰਪਾਲ ਜੁਨੇਜਾ ਨੇ ਵੀ ਸੰਬੋਧਨ ਕੀਤਾ।
ਸਮਾਣਾ (ਅਸ਼ਵਨੀ ਗਰਗ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਿੰਦੂ ਡਿਪਟੀ ਸੀਐੱਮ ਦਾ ਪਤਾ ਖੇਡਣ ਤੋਂ ਬਾਅਦ ਹੁਣ ਵਪਾਰੀ ਵਰਗ ਨੂੰ ਭਰਮਾਉਣ ਲਈ ਵਪਾਰੀ ਵਰਗ ਦੀਆਂ ਦੁੱਖ ਤਕਲੀਫ਼ਾ ਸੁਣਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਿੰਦੂ ਆਗੂ ਐੱਨਕੇ ਸ਼ਰਮਾ, ਸਰੂਪ ਚੰਦ ਸਿੰਗਲਾ ਅਤੇ ਪ੍ਰਕਾਸ਼ ਚੰਦ ਗਰਗ ਸਮਾਣਾ ਵਿੱਚ ਪੁੱਜੇ ਤੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ। ਉਨ੍ਹਾਂ ਵਪਾਰੀ ਵਰਗ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਮੁਸ਼ਕਲਾਂ ਦੂਰ ਕਰਨ ਦਾ ਭਰੋਸਾ ਦਵਾਇਆ।