ਅਕਾਲੀ ਦਲ ਦੀ ਮਜ਼ਬੂਤੀ ਲਈ ਏਕੇ ਦਾ ਸੱਦਾ
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼ਹਿਰੀ ਇਕਾਈ ਵੱਲੋਂ ਪ੍ਰਧਾਨ ਵਿਸ਼ਾਲ ਗੋਇਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਇੰਚਾਰਜ ਕਬੀਰ ਦਾਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਾਰਟੀ ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਹਨ। ਪਾਰਟੀ ਵੱਲੋਂ ਹਲਕਾ ਸ਼ੁਤਰਾਣਾ ਵਿੱਚ ਪੱਕੇ ਤੌਰ ’ਤੇ ਦਫ਼ਤਰ ਖੋਲ੍ਹਣ ਦਾ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਹਾਈ ਕਮਾਂਡ ਦੇ ਹੁਕਮਾਂ ਉੱਤੇ ਸਰਕਲ ਪ੍ਰਧਾਨਾਂ ਅਤੇ ਬੂਥ ਲੈਵਲ ਕਮੇਟੀਆਂ ਦਾ ਗਠਨ ਕੀਤੇ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਨੇ ਸੂਬੇ ਨੂੰ ਆਰਥਿਕ ਮੰਦੀ ਵੱਲ ਧੱਕਿਆ ਹੈ, ਹਰ ਸਾਲ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਅਕਾਲੀ ਸਰਕਾਰ ਵਕਤ ਹੋਇਆ ਹੈ। ਪੰਜਾਬ ਦੇ ਬੇਹਤਰ ਭਵਿੱਖ ਲਈ ਅਕਾਲੀ ਦਲ ਦੀ ਸਰਕਾਰ ਦਾ ਹੋਂਦ ਵਿੱਚ ਆਉਣਾ ਬਹੁਤ ਜ਼ਰੂਰੀ ਹੈ। ਹਲਕਾ ਇੰਚਾਰਜ ਕਬੀਰ ਦਾਸ ਨੇ ਪਾਰਟੀ ਵਰਕਰਾਂ ਨੂੰ ਦਲ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਵੇਂ ਸ਼ੁਤਰਾਣਾ ਵਿੱਚ ਕੋਈ ਧੜੇਬੰਦੀ ਨਹੀਂ ਹਰ ਵਰਕਰ ਆਪਣੇ ਤੌਰ ’ਤੇ ਕੰਮ ਕਰ ਰਿਹਾ ਹੈ। ਮੀਟਿੰਗ ਵਿੱਚ ਸਰਕਲ ਪ੍ਰਧਾਨ ਰਣਜੀਤ ਸਿੰਘ ਸ਼ਾਹੀ, ਅਕਾਲੀ ਆਗੂ ਅਜੈਬ ਸਿੰਘ ਮੱਲ੍ਹੀ ਅਤੇ ਬਲਬੀਰ ਸਿੰਘ ਦੁਤਾਲ ਆਦਿ ਹਾਜ਼ਰ ਸਨ।