ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਕਾਨੂੰਨ ਲਈ ਟਾਵਰ ਮੋਰਚੇ ਦੀ ਵਰ੍ਹੇਗੰਢ ਮਨਾਈ
ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਚੇਅਰਮੈਨ ਨਾਲ ਮੀਟਿੰਗ ਤੈਅ ਕਰਵਾਈ
ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਲਈ ਸਮਾਣਾ ਵਿੱਚ ਲੱਗੇ ਟਾਵਰ ਮੋਰਚੇ ਦੀ ਪਹਿਲੀ ਵਰ੍ਹੇਗਢ ਮਨਾਈ ਗਈ। ਇਸ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਸਰਕਾਰ ’ਤੇ ਸਖ਼ਤ ਕਾਨੂੰਨ ਬਣਾਉਣ ’ਚ ਨਾਕਾਮ ਰਹਿਣ ਦੇ ਦੋਸ਼ ਲਾਏ। ਜਾਣਕਾਰੀ ਅਨੁਸਾਰ ਬੁਲਾਰਿਆਂ ਨੇ ਕੋਈ ਸਖ਼ਤ ਪ੍ਰੋਗਰਾਮ ਦੇਣ ਦੀ ਮੰਗ ਕੀਤੀ ਪਰ ਇਹ ਸਮਾਗਮ ਉਪ-ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਵੱਲੋਂ ਮੋਰਚੇ ਦੇ ਆਗੂਆਂ ਦੀ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਚੇਅਰਮੈਨ ਨਾਲ 14 ਅਕਤੂਬਰ ਨੂੰ ਦੁਪਹਿਰ 2 ਵਜੇ ਮੀਟਿੰਗ ਤੈਅ ਕਰਵਾਉਣ ਦੇ ਭਰੋਸੇ ਨਾਲ ਸਮਾਪਤ ਹੋ ਗਿਆ। ਐੱਸ ਡੀ ਐੱਮ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਯਤਨਾਂ ਨਾਲ ਟਾਵਰ ਮੋਰਚੇ ਦੇ ਆਗੂਆਂ ਦੀ ਸਿਲੈਕਟ ਕਮੇਟੀ ਦੀ ਵਿਧਾਨ ਸਭਾ ਦੇ ਚੇਅਰਮੈਨ ਨਾਲ ਬੈਠਕ 14 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਦੂਜੇ ਪਾਸੇ ਪੁਲੀਸ ਨੇ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਪੁਲੀਸ ਕਪਤਾਨ ਪਟਿਆਲਾ ਵੈਭਵ ਚੌਧਰੀ ਅਤੇ ਪੁਲੀਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਦੀ ਅਗਵਾਈ ਵਿਚ 400 ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਨਾਲ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ। ਜ਼ਿਕਰਯੋਗ ਹੈ ਕਿ 12 ਅਕਤੂਬਰ 2024 ਨੂੰ ਭਾਈ ਗੁਰਜੀਤ ਸਿੰਘ ਖ਼ਾਲਸਾ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਏ ਸਨ ਅਤੇ ਉਨ੍ਹਾਂ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਕਾਨੂੰਨ ਵਿਚ ਸੋਧ ਕਰਕੇ ਜਾਂ ਨਵਾਂ ਕਾਨੂੰਨ ਬਣਾ ਕੇ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਲਈ ਫਾਂਸੀ ਜਾਂ ਉਮਰ ਕੈਦ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਕੋਸ਼ਿਸ਼ਾਂ ਦੇ ਬਾਵਜੂਦ ਮੰਗ ਪੂਰੀ ਹੋਣ ਤੋਂ ਬਗੈਰ ਟਾਵਰ ਤੋਂ ਥੱਲੇ ਉਤਰਨ ਤੋਂ ਇਨਕਾਰ ਕਰ ਦਿੱਤਾ। ਅੱਜ ਦੇ ਸਮਾਗਮ ਵਿੱਚ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਭਾਈ ਮਨਦੀਪ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਬੁਲਾਰਾ ਪ੍ਰੋ. ਸਤਨਾਮ ਕੌਰ, ਗੋਲਡਨ ਹੱਟ ਦੇ ਮਾਲਕ ਕਰਮ ਸਿੰਘ ਰਾਣਾ, ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ, ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ ਔਲਖ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅਸ਼ੋਕ ਮੋਦਗਿਲ, ਸਮਾਜਿਕ ਆਗੂ ਤੇ ਅਦਾਕਾਰ ਅਮਤੋਜ ਮਾਨ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਮੁਲਾਜ਼ਮ ਆਗੂ ਮਨਜੀਤ ਸਿੰਘ ਮੰਨਾ, ਬਾਬਾ ਰਾਜਾ ਰਾਜ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਪ੍ਰਵੀਨ ਸ਼ਰਮਾ, ਬਾਬਾ ਅਮਰਜੀਤ ਸਿੰਘ ਮਰਿਆਦਾ, ਯਾਦਵਿੰਦਰ ਸਿੰਘ ਪ੍ਰਧਾਨ ਸੈਫੀ, ਸਵਾਮੀ ਸ਼ੰਕਰਾਨੰਦ ਗਿਰੀ, ਅਚਾਰੀਆ ਜੋਗਿੰਦਰ ਮਹਾਰਾਜ ਅਤੇ ਭਾਜਪਾ ਆਗੂ ਕਰਨ ਕੌੜਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਮੋਰਚੇ ਦਾ ਇਕ ਸਾਲ ਪੂਰਾ ਹੋਣ ਦੇ ਬਾਵਜੂਦ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਵਿਚ ਨਾਕਾਮ ਰਹੀਆਂ ਹਨ। ਪੰਜਾਬ ਸਰਕਾਰ ਨੇ ਮਾਮਲੇ ਨੂੰ ਠੰਢੇ ਬਸਤੇ ਪਾਉਣ ਲਈ ਕਾਨੂੰਨ ਸਿਲੈਕਟ ਕਮੇਟੀ ਨੂੰ ਸੌਂਪ ਦਿੱਤਾ ਹੈ। ਟਾਵਰ ’ਤੇ ਚੜ੍ਹੇ ਭਾਈ ਗੁਰਜੀਤ ਸਿੰਘ ਨੇ ਆਖਿਆ ਕਿ ਉਹ ਕਾਨੂੰਨ ਬਣਨ ਤੱਕ ਸੰਘਰਸ਼ ਜਾਰੀ ਰੱਖਣਗੇ।