ਖੇਤਰੀ ਪ੍ਰਤੀਨਿਧ
ਪਟਿਆਲਾ, 8 ਅਕਤੂਬਰ
ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ਸੀਲ ਜਥੇਬੰਦੀ ਸੀਪੀਐੱਫ ਕਰਮਚਾਰੀ ਯੂਨੀਅਨ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਦੀ ਅਗਵਾਈ ਵਿੱਚ ਸੈਮੀਨਾਰ ਨੁਮਾ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੂਬਾਈ ਪ੍ਰਧਾਨ ਸੁਖਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2004 ਤੋਂ ਮਗਰੋਂ ਭਰਤੀ ਹੋਣ ਵਾਲ਼ੇ ਮੁਲਾਜ਼ਮਾਂ ਲਈ ਪੈਨਸ਼ਨ ਦੀ ਵਿਵਸਥਾ ਨਹੀਂ ਹੈ। ਇਸ ਦੀ ਬਹਾਲੀ ਲਈ ਲੰਬੇ ਸਮੇਂ ਤੋਂ ਲੜੇ ਜਾ ਰਹੇ ਸੰਘਰਸ਼ ਨੂੰ ਨਵੀਂ ਸੇਧ ਦਿੰਦਿਆਂ, ਜਥੇਬੰਦੀ ਨੇ ਅੱਜ ਇਥੋਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ, ਤਾਂ ਪੰਜਾਬ ਦੇ ਸਮੂਹ ਪ੍ਰਭਾਵਿਤ ਮੁਲਾਜ਼ਮ ਹੋਰਨਾ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ਼ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾ ਦੌਰਾਨ ‘ਆਪ’ ਦੇ ਖਿਲਾਫ਼ ਘਰ ਘਰ ਜਾ ਕੇ ਪ੍ਰਚਾਰ ਕਰਨਗੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ, ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ, ਮੈਡੀਕਲ ਕਾਲਜ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘਆਦਿ ਵੀ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਹੀ ਪੈਨਸ਼ਨ ਸਕੀਮ ਦੀ ਬਹਾਲੀ ਨਾ ਹੋਈ, ਤਾਂ ਹਿਮਾਚਲ ਤੇ ਗੁਜਰਾਤ ਦੀਆਂ ਚੋਣਾ ਦੌਰਾਨ ਪੰਜਾਬ ਦੇ ਮੁਲਾਜ਼ਮ ‘ਆਪ’ ਦੇ ਖ਼ਿਲਾਫ਼ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨਗੇ।