ਪੱਤਰ ਪ੍ਰੇਰਕ
ਪਟਿਆਲਾ, 14 ਅਗਸਤ
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਜੰਗਲਾਤ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਵਿਭਾਗਾਂ ਦੇ ਕਾਮਿਆਂ ਨੇ ਇਸ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਸਮੇਂ ਵਣਪਾਲ ਸਾਊਥ ਸਰਕਲ ਦੇ ਦਫ਼ਤਰ ਅੱਗੇ ਵੱਡੀ ਰੈਲੀ ਕੀਤੀ ਗਈ। ਕਾਮਿਆਂ ਨੇ ਐਲਾਨ ਕੀਤਾ ਕਿ ਭਲਕੇ 15 ਅਗਸਤ ਨੂੰ ਪਟਿਆਲਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਆ ਰਹੇ ਵਿੱਤ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਜਗਮੋਹਨ ਨੌਲੱਖਾ, ਦਰਸ਼ਨ ਸਿੰਘ ਲੁਬਾਣਾ, ਮਾਧੋ ਰਾਹੀ, ਨਾਰੰਗ ਸਿੰਘ, ਪ੍ਰਤਮ ਚੰਦ ਠਾਕੁਰ, ਸੂਰਜਪਾਲ ਯਾਦਵ ਨੇ ਐਲਾਨ ਕਰਦਿਆਂ ਕਿਹਾ ਕਿ 15 ਅਗਸਤ ਨੂੰ ਰਾਜਪੁਰਾ ਕਲੋਨੀ ਤੋਂ ਝੰਡਾ ਮਾਰਚ ਸ਼ੁਰੂ ਕਰ ਕੇ ਬਾਜ਼ਾਰਾਂ ਵਿੱਚ ਹੁੰਦਿਆਂ ਹੋਇਆਂ ਵਿੱਤ ਮੰਤਰੀ ਵੱਲੋਂ ਝੰਡਾ ਲਹਿਰਾਉਣ ਵਾਲੀ ਥਾਂ ਤੱਕ ਪੁੱਜਿਆ ਜਾਵੇਗਾ ਤੇ ਵਿੱਤ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਕਾਮਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਵਿੱਤ ਮੰਤਰੀ ਸ੍ਰੀ ਚੀਮਾ ਦਾ ਘਿਰਾਓ ਵੀ ਕੀਤਾ ਜਾਵੇਗਾ।