ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 2 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖੇਤੀ ਸੰਦਾਂ ਦੀ ਸਬਸਿਡੀ ਨੂੰ ਲੈ ਕੇ ਹੋ ਰਹੇ ਘਪਲੇ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇੱਥੇ ਜ਼ਿਲ੍ਹਾ ਆਗੂ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿਚ ਜਥੇਬੰਦੀ ਦੀ ਹੋਈ ਇੱਕ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਦੌਰਾਨ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੰਡਾਲ ਵੀ ਹਾਜ਼ਰ ਸਨ। ਕਿਸਾਨ ਆਗੂਆਂ ਜਗਤਾਰ ਸਿੰਘ ਕਾਲਾਝਾੜ ਅਤੇ ਗੋਬਿੰਦ ਸਿੰਘ ਚੱਠਾ ਨੇ ਦੱਸਿਆ ਕਿ ਖੇਤੀ ਸੰਦਾਂ ਉੱਤੇ ਕੇਂਦਰ ਵੱਲੋਂ ਮਿਲਦੀ ਸਬਸਿਡੀ ਨੂੰ ਪੰਜਾਬ ਸਰਕਾਰ ਹੜੱਪਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਮਿਲਦੀ ਹੈ ਤੇ ਸਬਸਿਡੀ ਵਾਲੇ ਸੰਦਾਂ ਲਈ 62,265 ਕਿਸਾਨਾਂ ਨੇ 17,264 ਖੇਤੀ ਸੰਦਾਂ ਲਈ ਅਪਲਾਈ ਕੀਤਾ ਸੀ ਪਰ ਕੇਵਲ 10,019 ਖੇਤੀ ਸੰਦ ਹੀ ਕਿਸਾਨਾਂ ਦੇ ਹੱਥ ਲੱਗੇ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਮੋਰਚੇ ਵਿੱਚ ਬੈਠੇ ਹਨ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਗ਼ੈਰਹਾਜ਼ਰੀ ਵਿਚ ਕੇਂਦਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਨੂੰ ਖੁਰਦ ਬੁਰਦ ਕਰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਚਾਲਾਂ ਖਿਲਾਫ 3 ਨਵੰਬਰ ਨੂੰ ਨਾਭਾ ਵਿੱਚ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ।