ਖੇਤਰੀ ਪ੍ਰਤੀਨਿਧ
ਪਟਿਆਲਾ, 22 ਮਈ
ਪੰਜਾਬ ਸਰਕਾਰ ਵੱਲੋਂ 15 ਅਗਸਤ 2022 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ, ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾਂ ਬਹਾਦਰੀ ਦਿਖਾਈ ਹੋਵੇ, ਉਹ ਆਪਣੀਆਂ ਅਰਜ਼ੀਆਂ 23 ਮਈ ਨੂੰ ਆਪਣੇ ਖੇਤਰ ਦੇ ਐਸਡੀਐਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ, ਅਤਿਵਾਦ ਜਾਂ ਹੋਰ ਗੈਰਸਮਾਜੀ ਅਨਸਰਾਂ ਖ਼ਿਲਾਫ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਕੋਵਿਡ-19 ਮਹਾਂਮਾਰੀ ਦੌਰਾਨ ਜਿਨ੍ਹਾਂ ਕਰਮਚਾਰੀਆਂ ਨੇ ਅਣਥੱਕ ਮਿਹਨਤ ਨਾਲ ਸ਼ਲਾਘਾਯੋਗ ਡਿਊਟੀਆਂ ਨਿਭਾਈਆਂ ਹਨ, ਦੇ ਨਾਮ ਦੀ ਸਿਫਾਰਿਸ਼ ਵਿਭਾਗ ਆਪਣੇ ਪ੍ਰਬੰਧਕੀ ਵਿਭਾਗ ਦੇ ਉੱਚ ਅਧਿਕਾਰੀ ਰਾਹੀਂ ਸਰਕਾਰ ਨੂੰ ਭੇਜ ਸਕਦੇ ਹਨ। ਜਿਨ੍ਹਾਂ ਸ਼ਖਸੀਅਤਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਮਾਣ ਪੱਤਰ ਦਿੱਤਾ ਜਾ ਚੁੱਕਾ ਹੈ, ਦੀ ਸਿਫਾਰਸ਼ ਨੂੰ ਵਿਚਾਰਿਆ ਨਹੀਂ ਜਾਵੇਗਾ।