ਗੌਰਵਪਾਲ ਸੂਦ
ਭਾਦਸੋਂ, 7 ਮਈ
ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨ ਸੰਘਰਸ਼ ਦੇ ਲੇਖੇ ਆਪਣੀ ਜਿੰਦ ਲਾਉਣ ਵਾਲੀ ਬੀਬੀ ਗੁਰਮੀਤ ਕੌਰ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼੍ਰੋਮਣੀ ਕਮੇਟੀ ਦੀ ਤਰਫ਼ੋਂ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਸੰਘਰਸ਼ ਦੌਰਾਨ ਬੀਬੀ ਗੁਰਮੀਤ ਕੌਰ ਲਗਾਤਾਰ ਦਿੱਲੀ ਧਰਨੇ ਵਿਚ ਸ਼ਮੂਲੀਅਤ ਕਰਦੀ ਰਹੀ ਹੈ ਪਰ ਬਿਮਾਰ ਹੋ ਜਾਣ ਕਾਰਨ ਪਿਛਲੇ ਦਿਨੀਂ ਉਨ੍ਹਾਂ ਦਾ ਧਰਨੇ ਦੌਰਾਨ ਹੀ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਦਿਆਂ, ਸਤਵਿੰਦਰ ਸਿੰਘ ਟੌਹੜਾ ਦਾ ਕਹਿਣਾ ਸੀ ਕਿ ਭਾਵੇਂ ਕਿ ਜਹਾਨੋਂ ਰੁਖਸਤ ਹੋਣ ਵਾਲ਼ੇ ਜੀਅ ਦਾ ਖੱਪਾ ਕਿਸੇ ਵੀ ਤਰ੍ਹਾਂ ਨਹੀਂ ਪੂਰਿਆ ਜਾ ਸਕਦਾ ਪਰ ਫੇਰ ਵੀ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠਾਂ ਲਏ ਗਏ ਫ਼ੈਸਲੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਇੱਕ ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ।