ਖੇਤਰੀ ਪ੍ਰਤੀਨਿਧ
ਪਟਿਆਲਾ, 25 ਅਕਤੂਬਰ
ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂਥ ਫੈਡਰੇਸ਼ਨ ਆਫ ਇੰਡੀਆ ਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕੀਤੀ ਰੈਲੀ ਦੀ ਪ੍ਰਧਾਨਗੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਜੇਤੂ ਪਰਮਿੰਦਰ ਭਲਵਾਨ ਨੇ ਕੀਤੀ। ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਨੇ ਕਿਹਾ ਕਿ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭੱਵਿਖ ਖ਼ਰਾਬ ਕਰ ਰਹੇ ਹਨ। ਪਰਮਿੰਦਰ ਭਲਵਾਨ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ, ਸਕੂਲਾਂ, ਕਾਲਜਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ, ਰੈਲੀਆਂ ਕਰਵਾਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।