ਬਲਬੀਰ ਸਿੰਘ ਵੱਲੋਂ ਕੂੜਾ ਪ੍ਰਬੰਧਨ ਬਾਰੇ ਅਧਿਕਾਰੀਆਂ ਨਾਲ ਮੀਟਿੰਗ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਗਿੱਲੇ ਤੇ ਸੁੱਕੇ ਕੂੜੇ ਦੇ ਬਿਹਤਰ ਪ੍ਰਬੰਧਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪੀਡੀਏ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਤੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਥਾਪਰ ਯੂਨੀਵਰਸਿਟੀ ਵੱਲੋਂ ਕੂੜਾ ਪ੍ਰਬੰਧਨ ਲਈ ਵਰਤੀ ਜਾਂਦੀ ਤਕਨੀਕ ਸਬੰਧੀ ਥਾਪਰ ਦੇ ਪ੍ਰੋਫੈਸਰਾਂ ਨਾਲ ਵਿਚਾਰ ਚਰਚਾ ਕਰਦਿਆਂ ਇਸ ਤਕਨੀਕ ਦੀ ਵਰਤੋਂ ਪਟਿਆਲਾ ਸ਼ਹਿਰ ਵਿੱਚ ਕਰਨ ’ਤੇ ਅਧਿਕਾਰੀਆਂ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ 100 ਫ਼ੀਸਦੀ ਕੂੜਾ ਪ੍ਰਬੰਧਨ ਕਰਨ ਲਈ ਪਟਿਆਲਾ ਦੇ ਦੋ ਵਾਰਡਾਂ ’ਚ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਆਉਣ ਵਾਲੇ ਦਿਨਾਂ ’ਚ ਸਾਰੇ ਵਾਰਡਾਂ ਤੇ ਪੀਡੀਏ ਅਧੀਨ ਪੈਂਦੇ ਖੇਤਰਾਂ ’ਚ ਵੀ ਚਲਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰੀਚਾਰਜਿੰਗ ਵੈਲ ਸਮੇਤ ਡਰਿੱਪ ਇਰੀਗੇਸ਼ਨ ਵਰਗੀਆਂ ਤਕਨੀਕਾਂ ’ਤੇ ਵੀ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਵਰਤੋਂ ਡਰਿੱਪ ਇਰੀਗੇਸ਼ਨ ਲਈ ਕੀਤੀ ਜਾ ਸਕਦੀ ਹੈ ਪਰ ਇਸ ਲਈ ਜ਼ਰੂਰੀ ਹੈ ਕਿ ਛੱਪੜਾਂ ਦੇ ਪਾਣੀ ਨੂੰ ਸਾਫ਼ ਕੀਤਾ ਜਾਵੇ ਜਿਸ ਲਈ ਥਾਪਰ ਮਾਡਲ ਦੀ ਵਰਤੋਂ ਕੀਤੀ ਜਾ ਸਕਦੀ ਹੈ।